ਮਲੇਰਕੋਟਲਾ, 25 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਨਗਰ ਕੌਂਸਲ ਮਲੇਰਕੋਟਲਾ, ਅਹਿਮਦਗੜ੍ਹ ਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ | ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਜ਼ਿਲ੍ਹੇ ਦੇ 61 ਵਾਰਡਾਂ ਲਈ ਸਥਾਪਿਤ 141 ਪੋਲਿੰਗ ਬੂਥਾਂ 'ਤੇ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅੰਜ਼ਾਮ ਦੇਣ ਲਈ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਮਲੇਰਕੋਟਲਾ ਕਨੂ ਗਰਗ, ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਅਮਰਗੜ੍ਹ ਹਰਬੰਸ ਸਿੰਘ, ਰਿਟਰਨਿੰਗ ਅਫਸਰ-ਕਮ-ਕਾਰਜਕਾਰੀ ਇੰਜੀਨੀਅਰ ਪੰਜਾਬ ਸਟੇਟ ਟਿਊਵੈਲ ਕਾਰਪੋਰੇਸ਼ਨ ਇੰਜ. ਹਰਮਿੰਦਰ ਸਿੰਘ ਦੀ ਦੇਖ-ਰੇਖ 'ਚ ਪੋਲਿੰਗ ਪਾਰਟੀਆਂ ਨੂੰ ਚੋਣ ਸਮਗਰੀ ਸਮੇਤ ਰਵਾਨਾ ਕਰ ਦਿੱਤਾ ਗਿਆ ਹੈ, ਜੋ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਪੁੱਜ ਚੁੱਕੀਆਂ ਹਨ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਦੇ ਇਸ ਮਹੱਤਵਪੂਰਨ ਤਿਉਹਾਰ 'ਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਲੋਕ ਪ੍ਰਸ਼ਾਸਨ ਦਾ ਸਹਿਯੋਗ ਕਰਨ | ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਡਿਊਟੀ ਨੂੰ ਪੂਰੀ ਨਿਰਪੱਖਤਾ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇ | ਉਨ੍ਹਾਂ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਅਧਿਕਾਰੀਆਂ ਜਾਂ ਕਰਮਚਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਆਪਣੀ ਪਛਾਣ ਲਈ ਐਪਿਕ ਵੋਟਰ ਆਈ.ਡੀ. ਕਾਰਡ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਮਨਜ਼ੂਰਸ਼ੁਦਾ ਹੋਰ ਦਸਤਾਵੇਜ਼ ਜਿਵੇਂ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫੋਟੋ ਵਾਲਾ ਪੈੱਨ ਕਾਰਡ, ਮਗਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫ਼ੋਟੋ ਸਮੇਤ ਆਰਮਜ਼ ਲਾਇਸੈਂਸ, ਪੈਨਸ਼ਨ ਦਸਤਾਵੇਜ਼, ਆਜ਼ਾਦੀ ਘੁਲਾਟੀਏ ਪਛਾਣ ਪੱਤਰ, ਬੈਂਕ ਜਾਂ ਡਾਕਖ਼ਾਨੇ ਦੀ ਫ਼ੋਟੋ ਵਾਲੀ ਪਾਸ-ਬੁੱਕ, ਮਜ਼ਦੂਰੀ ਮੰਤਰਾਲੇ ਵੱਲੋਂ ਜਾਰੀ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਜਾਰੀ ਸਰਕਾਰੀ ਪਛਾਣ ਪੱਤਰ, ਯੂਨੀਕ ਡਿਸਏਬਿਲਟੀ ਆਈ ਡੀ ਕਾਰਡ (ਯੂ.ਡੀ.ਆਈ.ਡੀ) ਅਤੇ ਹੋਰ ਪ੍ਰਵਾਨਿਤ ਪਛਾਣ ਪੱਤਰਾਂ ਰਾਹੀਂ ਵੀ ਵੋਟ ਪਾ ਸਕਦੇ ਹਨ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੁਲਿਸ ਵਲੋਂ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਲੋੜੀਂਦੀ ਪੁਲਿਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ |