ਮਲੇਰਕੋਟਲਾ, 26 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਨਗਰ ਕੌਂਸਲ ਮਲੇਰਕੋਟਲਾ ਦੇ 33 ਵਾਰਡਾਂ, ਨਗਰ ਕੌਂਸਲ ਅਹਿਮਦਗੜ੍ਹ 17 ਤੇ ਨਗਰ ਪੰਚਾਇਤ ਅਮਰਗੜ੍ਹ ਦੇ 11 ਵਾਰਡਾਂ ਦੀਆਂ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜ ਗਿਆ | ਜ਼ਿਲ੍ਹੇ ਭਰ 'ਚ ਕੁੱਲ ਵੋਟਰਾਂ ਦੀ ਗਿਣਤੀ 127778 ਹੈ | ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ | ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ | ਜ਼ਿਲ੍ਹਾ ਮਲੇਰਕੋਟਲਾ ਦੇ 61 ਵਾਰਡਾਂ ਲਈ ਸਥਾਪਿਤ 141 ਪੋਲਿੰਗ ਬੂਥਾਂ 'ਤੇ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅੰਜ਼ਾਮ ਦੇਣ ਲਈ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਮਲੇਰਕੋਟਲਾ ਕਨੂ ਗਰਗ, ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਅਮਰਗੜ੍ਹ ਹਰੰਬਸ ਸਿੰਘ, ਰਿਟਰਨਿੰਗ ਅਫਸਰ-ਕਮ-ਕਾਰਜਕਾਰੀ ਇੰਜੀਨੀਅਰ ਇੰਜ. ਹਰਮਿੰਦਰ ਸਿੰਘ ਦੀ ਦੇਖ-ਰੇਖ 'ਚ ਚੋਣ ਅਮਲ ਨੇਪਰੇ ਚੜਿ੍ਹਆ | ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਤੇ ਉਚ ਅਧਿਕਾਰੀਆਂ ਨੇ ਸ਼ਹਿਰ ਅੰਦਰ ਬਣੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ | ਜ਼ਿਲ੍ਹਾ ਮਲੇਰਕੋਟਲਾ 'ਚ ਬਾਅਦ ਦੁਪਹਿਰ 3 ਵਜੇ ਤੱਕ 47 ਫ਼ੀਸਦੀ ਵੋਟਾਂ ਪੋਲ ਹੋਈਆਂ, ਪਰ ਬਾਅਦ 'ਚ ਸ਼ਾਮ 6 ਵਜੇ ਤੱਕ ਵੋਟ ਫ਼ੀਸਦੀ ਵੱਧ ਕੇ 72.14 ਫ਼ੀਸਦੀ ਤੱਕ ਪਹੁੰਚ ਗਈ | ਚੋਣ ਦੌਰਾਨ ਵੋਟ ਪਾਉਣ ਪਹੁੰਚੇ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾ. ਜ਼ਮੀਲ ਉਰ ਰਹਿਮਾਨ ਨੇ ਪਰਿਵਾਰ ਸਣੇ ਵੋਟ ਪਾਉਣ ਤੋਂ ਬਾਅਦ ਗੱਲਬਾਤ ਕਰਦਿਆਂ ਆਖਿਆ ਕਿ ਮਲੇਰਕੋਟਲਾ ਦੇ ਵੋਟਰਾਂ ਦੇ ਅੰਦਰ ਵੋਟ ਪਾਉਣ ਲਈ ਵੱਡਾ ਉਤਸ਼ਾਹ ਵੇਖਿਆ ਗਿਆ ਤੇ ਉਨ੍ਹਾਂ ਨੂੰ ਆਸ ਹੈ ਕਿ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਤੇ ਮੋਹਰ ਲਗਾ ਕੇ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਗੇ | ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਸ਼ਹਿਰਾਂ ਦੇ ਅੰਦਰ ਵੱਡੇ ਪੱਧਰ 'ਤੇ ਵਿਕਾਸ ਕਾਰਜਾਂ ਰਾਹੀਂ ਨਵੀਂ ਇਬਾਰਤ ਲਿਖੀ ਗਈ ਹੈ | ਉਨ੍ਹਾਂ ਕਿਹਾ ਕਿ 'ਆਪ' ਉਮੀਦਵਾਰਾਂ ਵੱਲੋਂ ਚੋਣਾਂ ਅੰਦਰ ਭਾਰੀ ਜਿੱਤ ਪ੍ਰਾਪਤ ਕੀਤੀ ਜਾਵੇਗੀ | ਸ਼ਹਿਰ ਅੰਦਰ ਕੁੱਝ ਕੁ ਥਾਵਾਂ ਤੇ ਹਲਕੀ ਤੂੰ-ਤੂੰ ਮੈਂ-ਮੈ ਤੋਂ ਇਲਾਵਾ ਸਾਰੇ ਵਾਰਡਾਂ ਅੰਦਰ ਚੋਣ ਮਾਹੌਲ ਸ਼ਾਂਤ ਰਿਹਾ | ਚੋਣ ਬੂਥਾਂ ਦਾ ਦੌਰਾ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀ ਨੇ ਆਖਿਆ ਕਿ ਬਿਨਾਂ ਸ਼ੱਕ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹਨ ਤੇ ਇਨ੍ਹਾਂ ਚੋਣਾਂ ਤੋਂ ਇਲਾਵਾ ਆਉਂਦੀਆਂ ਚੋਣਾਂ ਅੰਦਰ ਵੀ ਪਾਰਟੀ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜਿੱਤ ਪ੍ਰਾਪਤ ਕੀਤੀ ਜਾਵੇਗੀ | ਮਲੇਰਕੋਟਲਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰਿਆਂ ਦਾ ਧੰਨਵਾਦ ਕੀਤਾ |