ਮਲੇਰਕੋਟਲਾ, 26 ਮਈ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਲੇਰਕੋਟਲਾ ਦੇ ਨਗਰ ਕੌਂਸਲ ਦੇ ਵਾਰਡ ਨੰਬਰ 8 ਦੇ ਸਰਕਾਰੀ ਮਿਡਲ ਸਕੂਲ ਕਿਲ੍ਹਾ ਰਹਿਮਤਗੜ੍ਹ ਵਿਖੇ ਬਣੇ 23, 24 ਅਤੇ 25 ਨੰਬਰ ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਘੋਸ਼ਿਤ ਕੀਤਾ ਗਿਆ ਸੀ | ਜ਼ਿਲ੍ਹਾ ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਵਲੋਂ ਅੱਜ ਵੋਟਾਂ ਨੂੰ ਅਮਨ-ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਤਾਂ ਇਸ ਉਪਰੰਤ ਪੋਲਿੰਗ ਬੂਥਾਂ ਦੇ ਅੰਦਰ ਇੱਕ ਵੱਖਰੀ ਮਿਸਾਲ ਦੇਖਣ ਨੂੰ ਮਿਲੀ, ਜਦੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੁਹੰਮਦ ਹਬੀਬ, ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜੇਸ਼ ਕੁਮਾਰ ਰਿੰਕੂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਬਦੁਲ ਹਮੀਦ ਉਰਫ਼ ਲਾਲਾ, ਭਾਜਪਾ ਦੇ ਉਮੀਦਵਾਰ ਐਡਵੋਕੇਟ ਮਨਪ੍ਰੀਤ ਸਿੰਘ ਬੱਗਾ, ਆਜ਼ਾਦ ਉਮੀਦਵਾਰ ਕਾਮਰੇਡ ਮੁਹੰਮਦ ਇਸਮਾਈਲ ਅਤੇ ਆਜ਼ਾਦ ਉਮੀਦਵਾਰ ਮਾਸਟਰ ਮੁਖ਼ਤਿਆਰ ਸਿੰਘ ਨੇ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਿਆਂ ਇੱਕ ਮੇਜ਼ 'ਤੇ ਬੈਠ ਅਤੇ ਇਕ ਦੂਜੇ ਉਮੀਦਵਾਰ ਨੇ ਆਪਸ 'ਚ ਹੱਥਾਂ 'ਤੇ ਹੱਥ ਰੱਖ ਕੇ ਮਲੇਰਕੋਟਲਾ ਦੀ ਭਾਈਚਾਰਕ ਸਾਂਝ ਅਤੇ ਅਮਨ ਸ਼ਾਂਤੀ ਨਾਲ ਚੋਣਾਂ ਦੇ ਅਮਲ ਨੂੰ ਪੂਰਾ ਕਰਨ ਲਈ ਇੱਕ ਵੱਖਰੀ ਮਿਸਾਲ ਪੈਦਾ ਕੀਤੀ ਹੈ, ਜਿਸ ਦੀ ਹਰ ਪਾਸੇ ਖ਼ੂਬ ਚਰਚਾ ਹੋ ਰਹੀ ਹੈ | ਇਸ ਮੌਕੇ ਪੁੱਜੇ ਜ਼ਿਲ੍ਹਾ ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਦਾਰ ਗੁਰਮੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਮਲੇਰਕੋਟਲਾ ਅੰਦਰ ਚੋਣ ਅਮਲ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਮਲੇਰਕੋਟਲਾ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਇਸ ਮੌਕੇ ਕਿਹਾ ਕਿ ਵਾਰਡ ਨੰਬਰ 8 ਦੇ ਆਪਸੀ ਭਾਈਚਾਰੇ ਅਤੇ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਲਈ ਦਿਲੀ ਮੁਬਾਰਕਬਾਦ ਦਿੰਦਿਆਂ ਕਿਹਾ ਜ਼ਿਲ੍ਹੇ ਭਰ ਦੇ ਹੋਰਨਾਂ ਉਮੀਦਵਾਰਾਂ ਨੂੰ ਵੀ ਅਜਿਹੇ ਉਮੀਦਵਾਰਾਂ ਤੋਂ ਸੇਧ ਲੈਣੀ ਚਾਹੀਦੀ ਹੈ ਤਾਂ ਜੋ ਹਰ ਪਾਸੇ ਸ਼ਾਂਤੀ ਵਾਲਾ ਮਾਹੌਲ ਬਣਿਆ ਰਹੇ | ਉਨ੍ਹਾਂ ਇਸ ਮੌਕੇ ਸਾਰੇ ਉਮੀਦਵਾਰਾਂ ਦੀ ਖ਼ੂਬ ਸ਼ਲਾਘਾ ਕੀਤੀ | ਇਸ ਮੌਕੇ ਵੱਖ-ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਵੋਟਾਂ ਤਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ, ਪਰ ਸਾਡੀ ਭਾਈਚਾਰਕ ਸਾਂਝ ਅਤੇ ਅਮਨ ਸ਼ਾਂਤੀ ਬਹੁਤ ਜ਼ਰੂਰੀ ਹੈ, ਜਿੱਤਾਂ ਹਾਰਾਂ ਤਾਂ ਕਿਸਮਤ ਦੇ ਸੌਦੇ ਹਨ | ਇਸ ਮੌਕੇ ਗੁਰਸ਼ਰਨਜੀਤ ਸਿੰਘ ਸੰਧੂ ਐੱਸ.ਪੀ.ਐੱਚ, ਡਾਕਟਰ ਮਾਨਵਜੀਤ ਸਿੰਘ ਸਿੱਧੂ ਡੀ.ਐਸ.ਪੀ. ਮਲੇਰਕੋਟਲਾ ਆਦਿ ਮੌਜੂਦ ਸਨ |