ਸੁਨਾਮ ਊਧਮ ਸਿੰਘ ਵਾਲਾ, 26 ਮਈ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਵਿਚ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਜਥੇਬੰਦੀ ਦੇ ਸੂਬਾਈ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਸਾਉਣੀ ਦੀ ਫ਼ਸਲ ਲਈ ਯੂਰੀਆ ਅਤੇ ਡੀ.ਏ.ਪੀ ਖਾਦ ਦੀ ਕਿੱਲਤ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਨੂੰ ਲੈ ਕੇ 2 ਜੂਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਝੋਨੇ ਦੀ ਐਮ ਐਸ ਪੀ ਵਿਚ ਕੀਤੇ ਗਏ ਮਾਮੂਲੀ ਵਾਧੇ ਨਿਖੇਧੀ ਕਰਦਿਆਂ ਕਿਹਾ ਕਿ ਸੀਡ ਬਿੱਲ ਕਿਸਾਨਾਂ ਲਈ ਘਾਤਕ ਸਿੱਧ ਹੋਵੇਗਾ ਜਦੋਂ ਕਿ ਬਿਜਲੀ ਬਿੱਲ-2025 ਲੋਕਾਂ ਤੇ ਧੱਕੇ ਨਾਲ ਥੋਪਿਆ ਜਾ ਰਿਹਾ ਹੈ | ਕਿਸਾਨ ਆਗੂ ਨੇ ਸਰਕਾਰ ਤੋਂ ਕਾਰਪੋਰੇਟ ਘਰਾਣਿਆਂ ਦੀ ਤਰਜ਼ ਤੇ ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਖ਼ਤਮ ਕਰਨ, ਹੜ੍ਹਾਂ ਅਤੇ ਕੁਦਰਤੀ ਆਫ਼ਤਾਂ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ | ਇਸ ਮੌਕੇ ਦਰਸ਼ਨ ਸਿੰਘ ਚੰਗਾਲੀਵਾਲਾ, ਅਮਨਦੀਪ ਸਿੰਘ ਮਹਿਲਾਂ, ਦਰਬਾਰਾ ਸਿੰਘ ਛਾਜਲਾ, ਜਸਵੰਤ ਸਿੰਘ ਤੋਲਾਵਾਲ, ਗੁਰਪ੍ਰੀਤ ਸਿੰਘ ਸੰਗਤਪੁਰਾ, ਜਸਵੀਰ ਸਿੰਘ ਗੱਗੜਪੁਰ, ਬਲਵਿੰਦਰ ਸਿੰਘ ਘਨੌੜ ਜੱਟਾਂ, ਸੁਖਪਾਲ ਸਿੰਘ ਮਾਣਕ ਕਣਕਵਾਲ, ਹਰਜੀਤ ਸਿੰਘ ਮਹਿਲਾਂ, ਜਗਦੀਪ ਸਿੰਘ, ਰਣਜੀਤ ਸਿੰਘ ਲੌਂਗੋਵਾਲ, ਕਰਮਜੀਤ ਸਿੰਘ ਮੰਗਵਾਲ, ਦਰਸਨ ਸਿੰਘ ਧੂਰੀ, ਸੁਖਦੇਵ ਸਿੰਘ ਕੜੈਲ, ਰੌਸ਼ਨ ਸਿੰਘ ਮੂਣਕ ਅਤੇ ਕਰਨੈਲ ਗਨੌਟਾ ਆਦਿ ਮੌਜੂਦ ਸਨ |