ਮਲੇਰਕੋਟਲਾ, 27 ਮਈ (ਮਨਜਿੰਦਰ ਸਿੰਘ ਸਰੌਦ ਪਾਰਸ ਜੈਨ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਗਰ ਕੌਂਸਲ ਮਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਹੁਣ 29 ਮਈ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ ਤਿੰਨ ਕਾਊਾਟਿੰਗ ਸੈਂਟਰ ਸਥਾਪਤ ਕੀਤੇ ਗਏ ਹਨ, ਜਿੱਥੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਮਲੇਰਕੋਟਲਾ ਦੀ ਵੋਟਾਂ ਦੀ ਗਿਣਤੀ ਸਥਾਨਕ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ, ਨਗਰ ਕੌਂਸਲ ਅਹਿਮਦਗੜ੍ਹ ਦੀ ਗਿਣਤੀ ਗਾਂਧੀ ਸਕੂਲ ਅਹਿਮਦਗੜ੍ਹ ਵਿਖੇ ਅਤੇ ਨਗਰ ਪੰਚਾਇਤ ਅਮਰਗੜ੍ਹ ਦੀ ਗਿਣਤੀ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਉਮੀਦਵਾਰਾਂ, ਉਨ੍ਹਾਂ ਦੇ ਗਿਣਤੀ ਏਜੰਟਾਂ, ਰਿਟਰਨਿੰਗ ਅਫ਼ਸਰਾਂ ਤੇ ਸਬੰਧਿਤ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸਟਰਾਂਗ ਰੂਮ ਖੋਲ੍ਹੇ ਜਾਣਗੇ ਅਤੇ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਕਾਊਾਟਿੰਗ ਸੈਂਟਰਾਂ ਦੇ ਆਲੇ-ਦੁਆਲੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤੇ ਬਿਨਾਂ ਅਧਿਕਾਰ ਪੱਤਰ ਕਿਸੇ ਵੀ ਵਿਅਕਤੀ ਨੂੰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ | ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਰਿਟਰਨਿੰਗ ਅਫ਼ਸਰਾਂ ਦੀ ਦੇਖ-ਰੇਖ ਹੇਠ ਕਾਊਾਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਕਰਵਾਈ ਜਾ ਚੁੱਕੀ ਹੈ ਤਾਂ ਜੋ ਗਿਣਤੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ | ਉਨ੍ਹਾਂ ਸਾਰੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਨਤੀਜਿਆਂ ਦੌਰਾਨ ਸ਼ਾਂਤੀ, ਸਹਿਯੋਗ ਅਤੇ ਭਾਈਚਾਰਕ ਸਾਂਝ ਬਣਾਈ ਰੱਖਦਿਆਂ ਲੋਕਤੰਤਰਿਕ ਪ੍ਰਕਿਰਿਆ ਦਾ ਸਤਿਕਾਰ ਕੀਤਾ ਜਾਵੇ |