ਸੰਗਰੂਰ, 27 ਮਈ (ਧੀਰਜ ਪਸ਼ੌਰੀਆ) - ਸਕੂਲ ਸਿੱਖਿਆ ਵਿਭਾਗ ਵੱਲੋਂ 30 ਮਈ ਦੀ ਮੈਗਾ ਵਰਕਸ਼ਾਪ ਅਤੇ ਪੀ.ਟੀ.ਐਮ. ਵਾਲੇ ਦਿਨ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾ ਰਹੇ ਹਨ | ਇਸ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਮਨੋਹਰ ਲਾਲ ਸ਼ਰਮਾ ਅਤੇ ਪੈੱ੍ਰਸ ਸਕੱਤਰ ਕਰਨੈਲ ਸਿੰਘ ਫਿਲੌਰ ਨੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਪੱਤਰ ਭੇਜ ਕੇ ਮੰਗ ਕਰਦਿਆਂ ਕਿਹਾ ਹੈ ਕਿ ਕਾਗ਼ਜ਼ੀ ਸਨਮਾਨ ਦੀ ਥਾਂ ਅਧਿਆਪਕ ਦਾ ਅਸਲ ਵਿੱਚ ਮਾਨ ਸਨਮਾਨ ਬਹਾਲ ਕਰਨ ਦੀ ਜ਼ਰੂਰੀ ਲੋੜ ਹੈ | ਪੰਜਾਬ ਸਰਕਾਰ ਨੇ ਸਕੂਲਾਂ ਦੇ ਬਹੁ-ਗਿਣਤੀ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਵਿੱਚ ਲਗਾ ਕੇ ਦਰ-ਦਰ ਦੀ ਠੋਕਰਾਂ ਖਾਣ ਲਈ ਮਜਬੂਰ ਕੀਤਾ ਹੋਇਆ ਹੈ | ਅਧਿਆਪਕਾਂ ਦੀਆਂ ਪਦ-ਉੱਨਤੀਆਂ ਨਹੀਂ ਕੀਤੀਆਂ ਜਾ ਰਹੀਆਂ | ਪੰਜਾਬ ਵਿੱਚ ਪਿ੍ੰਸੀਪਲਾਂ, ਮੁੱਖ ਅਧਿਆਪਕਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ ਅੱਧੀਆਂ ਤੋਂ ਵੱਧ ਪੋਸਟਾਂ ਖ਼ਾਲੀ ਹਨ | ਕੰਪਿਊਟਰ ਅਧਿਆਪਕ, ਮੈਰਿਟੋਰੀਅਸ ਸਕੂਲਾਂ ਦੇ ਅਧਿਆਪਕ, ਐਨ.ਐਸ.ਕਿਊ. ਐਫ ਅਧਿਆਪਕ ਅਤੇ ਕੱਚੇ ਅਧਿਆਪਕ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਲਈ ਸੰਘਰਸ਼ ਕਰ ਰਹੇ ਹਨ | ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਖ਼ਾਲੀ ਪਈਆਂ ਹਨ | ਅਧਿਆਪਕਾਂ ਦੀਆਂ ਵਿੱਤੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਨੇ ਅੱਗੇ ਮੰਗ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਸੱਚ-ਮੁੱਚ ਹੀ ਅਧਿਆਪਕਾਂ ਨੂੰ ਪ੍ਰਸ਼ੰਸਾ ਦੇ ਪਾਤਰ ਬਣਾਉਣਾ ਚਾਹੁੰਦੀ ਹੈ ਤਾਂ ਪਹਿਲ ਦੇ ਆਧਾਰ ਤੇ ਅਧਿਆਪਕਾਂ ਦੀਆਂ ਵਿਭਾਗੀ ਅਤੇ ਵਿੱਤੀ ਮੰਗਾਂ ਦਾ ਹੱਲ ਕੀਤਾ ਜਾਵੇ, ਇਹੀ ਉਨ੍ਹਾਂ ਲਈ ਸੱਚਾ ਸਨਮਾਨ ਹੋਵੇਗਾ |