ਧੂਰੀ, 27 ਮਈ (ਲਖਵੀਰ ਸਿੰਘ ਧਾਂਦਰਾ) - ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਗਰ ਕੌਂਸਲ ਚੋਣਾਂ ਦੌਰਾਨ ਧੂਰੀ ਦੌਰੇ 'ਤੇ ਆਏ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੇ ਵਿਵਹਾਰ ਨੂੰ ਬਹੁਤ ਹੀ ਸ਼ਰਮਨਾਕ ਅਤੇ ਗੈਰ-ਜ਼ਿੰਮੇਵਾਰ ਕਰਾਰ ਦਿੰਦੇ ਹੋਏ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਉਜ਼ ਨੇ ਸਚਾਈ ਸਾਹਮਣੇ ਰੱਖ ਦਿੱਤੀ ਹੈ ਕਿ ਕਿਸ ਤਰ੍ਹਾਂ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਕਰਮਚਾਰੀਆਂ ਨਾਲ ਬਦਸਲੂਕੀ ਕੀਤੀ ਗਈ ਅਤੇ ਕੇਂਦਰੀ ਏਜੰਸੀਆਂ ਦੇ ਨਾਂ 'ਤੇ ਖੁੱਲ੍ਹੀਆਂ ਧਮਕੀਆਂ ਦੇ ਕੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਗਈ | ਇਹ ਸਿਰਫ਼ ਇੱਕ ਵਿਅਕਤੀ ਦਾ ਅਹੰਕਾਰ ਨਹੀਂ, ਸਗੋਂ ਕੇਂਦਰ ਦੀ ਤਾਨਾਸ਼ਾਹੀ ਸੋਚ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਆਪਣੀ ਪੰਜਾਬ ਪੁਲਿਸ ਦੇ ਨਾਲ ਡਟ ਕੇ ਖੜ੍ਹਾ ਹੈ ਅਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾ ਰਹੇ ਹਰ ਪੁਲਿਸ ਕਰਮਚਾਰੀ ਦਾ ਸਮਰਥਨ ਕਰਦਾ ਹੈ | ਉਨ੍ਹਾਂ ਰਵਨੀਤ ਸਿੰਘ ਬਿੱਟੂ ਨੂੰ ਸਪਸ਼ਟ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟੀਆ ਹਰਕਤਾਂ ਤੁਰੰਤ ਬੰਦ ਕੀਤੀਆਂ ਜਾਣ, ਨਹੀਂ ਤਾਂ ਪੰਜਾਬ ਦੇ ਲੋਕ ਜਵਾਬ ਦੇਣ ਲਈ ਤਿਆਰ ਹਨ |