ਸ਼ੇਰਪੁਰ, 28 ਮਈ (ਮੇਘ ਰਾਜ ਜੋਸ਼ੀ) - ਪੰਜਾਬ ਭਾਜਪਾ ਦੀ ਕਮਾਨ ਕੇਵਲ ਸਿੰਘ ਢਿੱਲੋਂ ਨੂੰ ਸੌਂਪੇ ਜਾਣ ਤੋਂ ਬਾਅਦ ਸ਼ੇਰਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਜਪਾ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ਮੌਕੇ ਭਾਜਪਾ ਕਿਸਾਨ ਮੋਰਚੇ ਦੇ ਸੂਬਾ ਮੁੱਖ ਬੁਲਾਰੇ ਨਰਿੰਦਰ ਪਾਲ ਸਿੰਘ ਛੰਨਾ ਅਤੇ ਸਾਬਕਾ ਬਲਾਕ ਪ੍ਰਧਾਨ ਸੁਰਜੀਤ ਸਿੰਘ ਟਿੱਬਾ ਨੇ ਕੇਵਲ ਸਿੰਘ ਢਿੱਲੋਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਨ ਵੱਲੋਂ ਲਿਆ ਗਿਆ ਇਹ ਫ਼ੈਸਲਾ ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤੀ ਦੇਵੇਗਾ | ਆਗੂਆਂ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਇੱਕ ਮਿਹਨਤੀ, ਤਜਰਬੇਕਾਰ ਅਤੇ ਜਮੀਨੀ ਪੱਧਰ ਨਾਲ ਜੁੜੇ ਹੋਏ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਨਵੀਆਂ ਉਚਾਈਆਂ ਨੂੰ ਛੂਹੇਗੀ | ਉਨ੍ਹਾਂ ਕਿਹਾ ਕਿ ਢਿੱਲੋਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਭਾਜਪਾ ਪੰਜਾਬ ਵਿੱਚ ਇੱਕ ਮਜ਼ਬੂਤ ਵਿਕਲਪ ਵਜੋਂ ਉਭਰੇਗੀ |