ਸੰਗਰੂਰ, 28 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਇੰਦਰਪਾਲ ਸਿੰਘ ਪੁੰਨਾਵਾਲ ਦੀ ਪ੍ਰਧਾਨਗੀ ਹੇਠ ਸੁਤੰਤਰ ਭਵਨ ਵਿਖੇ ਹੋਈ | ਸੂਬਾ ਪੱਧਰੀ ਫ਼ੈਸਲੇ ਤਹਿਤ 2 ਜੂਨ ਨੂੰ ਡੀ.ਸੀ. ਦਫ਼ਤਰ ਅੱਗੇ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ | ਕੁੱਲ ਹਿੰਦ ਕਿਸਾਨ ਸਭਾ ਅਜੈ ਭਵਨ ਦੇ ਸੂਬਾ ਆਗੂ ਬਲਦੇਵ ਸਿੰਘ ਨਿਹਾਲਗੜ੍ਹ, ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ, ਕਿਰਤੀ ਕਿਸਾਨ ਯੂਨੀਅਨ ਦੇ ਦਰਸ਼ਨ ਸਿੰਘ ਕੁੰਨਰਾ, ਰਾਜੇਵਾਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਸ਼ਮੀਰ ਸਿੰਘ ਘਰਾਚੋਂ, ਬੀ.ਕੇ.ਯੂ. ਡਕੌਦਾ ਦੇ ਸ਼ਮਸ਼ੇਰ ਸਿੰਘ ਈਸਾਪੁਰ, ਊਧਮ ਸਿੰਘ ਸੰਤੋਖਪੁਰਾ, ਬੀ.ਕੇ.ਯੂ. ਡਕੌਦਾ ਧਨੇਰੇ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਦੀ ਸਰਕਾਰ ਤੇਲ ਦੀ ਕੀਮਤ ਵਿੱਚ ਲਗਾਤਾਰ ਵਾਧਾ ਕਰ ਰਹੀ ਹੈ | ਗੈਸ, ਯੂਰੀਆ ਅਤੇ ਡਾਇਰੀਆਂ ਸਮੇਤ ਹੋਰ ਖਾਦਾਂ ਦੀ ਥੁੜ ਪੈਦਾ ਕੀਤਾ ਜਾ ਰਹੀ ਹੈ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਮੈਂਬਰੀ ਖ਼ਤਮ ਕਰਨ ਖ਼ਿਲਾਫ਼ ਅਤੇ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸੁਸਾਇਟੀਆਂ ਦੇ ਹੱਦ ਕਰਜ਼ੇ ਵਧਾਉਣ ਦੇ ਕੀਤੇ ਗਏ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਵਾਉਣ ਦੀ ਮੰਗਾਂ ਨੂੰ ਲੈ ਕੇ 2 ਜੂਨ ਨੂੰ ਸੂਬੇ ਭਰ ਵਿੱਚ ਡੀ.ਸੀ. ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ | ਇਸ ਕੜੀ ਅਧੀਨ ਸੰਗਰੂਰ ਦੇ ਡੀ.ਸੀ. ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ | ਮੀਟਿੰਗ ਵਿੱਚ ਕੁਲਦੀਪ ਸਿੰਘ, ਦਰਬਾਰਾ ਸਿੰਘ ਛਾਜਲਾ, ਨਿਰਮਲ ਸਿੰਘ ਬਟੜਿਆਣਾ, ਧਿਆਨ ਸਿੰਘ ਘਰਾਚੋਂ, ਹਰਜੀਤ ਸਿੰਘ ਜਲਾਣ, ਮਹਿੰਦਰ ਸਿੰਘ ਮਾਝੀ, ਪ੍ਰੀਤਮ ਸਿੰਘ ਬਡਰੁੱਖਾ ਮੌਜੂਦ ਸਨ |