ਮਲੇਰਕੋਟਲਾ, 28 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਧਰਤੀ ਹੇਠਲੇ ਡੂੰਘੇ ਹੋ ਰਹੇ ਪਾਣੀ ਨੂੰ ਬਚਾਉਣ ਲਈ ਸਰਕਾਰ ਤੇ ਖੇਤੀਬਾੜੀ ਵਿਭਾਗ ਵਲੋਂ ਉਪਰਾਲੇ ਵਿੱਢ ਕੇ ਸਮੇਂ-ਸਮੇਂ 'ਤੇ ਵਿਉਂਤਾਂ ਬਣਾਈਆਂ ਜਾਂਦੀਆਂ ਹਨ | ਜਿਸ ਦੇ ਚਲਦਿਆਂ ਜ਼ਿਲ੍ਹਾ ਮਲੇਰਕੋਟਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ 'ਚ ਝੋਨੇ ਦੀ ਲਵਾਈ ਲਈ ਜ਼ਿਲਿ੍ਹਆਂ ਨੂੰ ਵੱਖ-ਵੱਖ ਜ਼ੋਨਾਂ ਵਿੱਚ ਵੰਡ ਕੇ ਨਿਰਧਾਰਿਤ ਮਿਤੀਆਂ ਜਾਰੀ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਲੇਰਕੋਟਲਾ ਦੇ ਕਿਸਾਨਾਂ ਲਈ 9 ਜੂਨ ਨੂੰ ਝੋਨੇ ਦੀ ਲਵਾਈ ਸ਼ੁਰੂ ਕਰਨ ਦੀ ਮਿਤੀ ਨਿਰਧਾਰਿਤ ਕੀਤੀ ਗਈ ਹੈ ਤੇ ਕਿਸਾਨ ਇਸ ਮਿਤੀ ਤੋਂ ਪਹਿਲਾਂ ਬਿਜਾਈ ਨਾ ਕਰਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ ਤਾਂ ਜੋ ਪਾਣੀ ਦੀ ਸੁਚੱਜੀ ਵਰਤੋਂ ਅਤੇ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਨਾ ਸਿਰਫ਼ ਪਾਣੀ ਦੀ ਬੱਚਤ ਹੁੰਦੀ ਹੈ, ਸਗੋਂ ਮਜ਼ਦੂਰੀ ਖ਼ਰਚ ਵਿੱਚ ਵੀ ਕਮੀ ਆਉਂਦੀ ਹੈ ਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿੱਚ ਵੀ ਮਦਦ ਮਿਲਦੀ ਹੈ | ਡਾ. ਧਰਮਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਕੀਤੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਝੋਨੇ ਦੀ ਲਵਾਈ ਕਰਨ ਤੇ ਪ੍ਰਮਾਣਿਤ ਬੀਜਾਂ ਦੀ ਵਰਤੋਂ ਕਰਨ |