ਸੰਗਰੂਰ, 30 ਮਈ (ਅਮਨਦੀਪ ਸਿੰਘ ਬਿੱਟਾ) ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾ, ਰਮਨ ਕੁਮਾਰ ਮਲੋਟ, ਅਮਨ ਸ਼ੇਖਾ ਅਤੇ ਹਰਜਿੰਦਰ ਝੁਨੀਰ ਨੇ ਕਿਹਾ ਕਿ ਡੀ.ਸੀ. ਦਫ਼ਤਰ ਸੰਗਰੂਰ ਬਾਹਰ ਤਕਰੀਬਨ 160 ਦਿਨਾਂ ਤੋਂ ਚੱਲ ਰਹੇ ਪੱਕੇ ਮੋਰਚੇ ਦਾ ਸੰਘਰਸ਼ ਤਦ ਤੱਕ ਜਾਰੀ ਰਹੇਗਾ ਜਦ ਤੱਕ ਉਨ੍ਹਾਂ ਦੀ ਮੰਗਾਂ ਦਾ ਸਥਾਈ ਹੱਲ ਨਹੀਂ ਹੁੰਦਾ | ਉਨ੍ਹਾਂ ਸਪਸ਼ਟ ਕੀਤਾ ਕਿ ਜੇ ਅੱਜ ਦੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਕੀਤੇ ਵਾਅਦੇ ਅਨੁਸਾਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਨਾ ਲਿਆ ਤਾਂ ਮੋਰਚਾ 31 ਮਈ ਦੀ ਮੀਟਿੰਗ ਦੌਰਾਨ ਸੰਘਰਸ਼ ਦਾ ਅਗਲਾ ਐਲਾਨ ਕਰ ਦੇਵੇਗਾ | ਆਪਣੀ ਮੰਗਾਂ ਨੂੰ ਦੁਹਰਾਉਂਦਿਆਂ ਆਗੂਆਂ ਨੇ ਕਿਹਾ ਕਿ ਸਕੂਲ ਲੈਕਚਰਾਰ ਦੀ ਸਾਰੀਆਂ ਖ਼ਾਲੀ ਅਸਾਮੀਆਂ ਉਮਰ ਹੱਦ ਦੀ ਛੋਟ ਨਾਲ ਭਰੀਆਂ ਜਾਣ, ਮਾਸਟਰ ਕੇਡਰ ਦੀਆਂ ਸਾਰੀਆਂ ਖ਼ਾਲੀ ਅਸਾਮੀਆਂ ਉਮਰ ਹੱਦ ਦੀ ਛੋਟ ਦੇ ਕੇ ਭਰੀਆਂ ਜਾਣ ਅਤੇ 55 ਫ਼ੀਸਦੀ ਅੰਕਾਂ ਦੀ ਸ਼ਰਤ ਖ਼ਤਮ ਕੀਤੀ ਜਾਵੇ | ਮਲਟੀਪਰਪਜ਼ ਹੈਲਥ ਵਰਕਰਾਂ ਦੀ ਅਸਾਮੀਆਂ ਉਮਰ ਹੱਦ ਦੀ ਛੋਟ ਨਾਲ ਭਰੀਆਂ ਜਾਣ ਦੀ ਉਨ੍ਹਾਂ ਮੰਗ ਕੀਤੀ ਹੈ |