ਧੂਰੀ, 31 ਮਈ (ਲਖਵੀਰ ਸਿੰਘ ਧਾਂਦਰਾ) - ਨਗਰ ਕੌਂਸਲ ਧੂਰੀ ਦੀਆਂ ਚੋਣਾਂ ਵਿੱਚ 21 ਵਾਰਡਾਂ ਵਿੱਚੋਂ 19 ਵਾਰਡ ਜਿੱਤ ਕੇ ਆਮ ਆਦਮੀ ਪਾਰਟੀ ਨੇ ਇਤਿਹਾਸ ਸਿਰਜਿਆ ਹੈ ਅਤੇ ਵਿਰੋਧੀ ਪਾਰਟੀਆਂ ਨੂੰ ਉਨ੍ਹਾਂ ਦਾ ਅਸਲੀ ਚਿਹਰਾ ਦਿਖਾਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਹਰਜਿੰਦਰ ਸਿੰਘ ਕਾਂਝਲਾ ਨੇ ਕਿਹਾ ਕਿ ਧੂਰੀ ਸ਼ਹਿਰ ਵਾਸੀਆਂ ਨੇ ਵਿਰੋਧੀ ਪਾਰਟੀ ਕਾਂਗਰਸ , ਭਾਜਪਾ ਅਤੇ ਅਕਾਲੀ ਦਲ ਨੂੰ ਇੱਕ ਵੀ ਸੀਟ ਨਾ ਦੇ ਕੇ ਕਰਾਰਾ ਜਵਾਬ ਦਿੱਤਾ ਹੈ | ਆਪ ਆਗੂ ਕਾਂਝਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧੂਰੀ ਸ਼ਹਿਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋ ਖ਼ੁਸ਼ ਹੋ ਕੇ ਸ਼ਹਿਰ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਰਿਕਾਰਡ ਤੋੜ ਜੇਤੂ ਫ਼ਤਵਾ ਦਿੱਤਾ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਢ ਦੁਬਾਰਾ ਫਿਰ ਬੰਨਿ੍ਹਆ ਹੈ | ਕਾਂਝਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਮਨ ਬਣਾ ਚੁੱਕੇ ਹਨ ਕਿ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੁਬਾਰਾ ਫਿਰ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਸਰਕਾਰ ਬਣੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੁਬਾਰਾ ਫਿਰ ਮੁੱਖ ਮੰਤਰੀ ਬਣ ਕੇ ਪੰਜਾਬ ਦੀ ਸੇਵਾ ਕਰਨਗੇ |