ਸੰਗਰੂਰ, 31 ਮਈ (ਧੀਰਜ ਪਸ਼ੌਰੀਆ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਦੇ 2500 ਦੇ ਕਰੀਬ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਈ ਜਾ ਚੁੱਕੀ ਹੈ | ਇਹ ਪ੍ਰਗਟਾਵਾ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਜਲਦ ਹੀ ਸੰਗਰੂਰ ਅਤੇ ਭਵਾਨੀਗੜ੍ਹ ਦੇ ਬਜ਼ੁਰਗਾਂ ਨੂੰ ਵੀ ਇਹ ਤੀਰਥ ਯਾਤਰਾ ਕਰਵਾਈ ਜਾਵੇਗੀ | ਵਿਧਾਇਕਾ ਭਰਾਜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣੇ ਮੰਦਰ, ਭਗਵਾਨ ਵਾਲਮੀਕੀ ਤੀਰਥ ਸਥਲ, ਜੱਲਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਅੰਮਿ੍ਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ | ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖ਼ਿੱਤੇ ਨਾਲ ਸਬੰਧਿਤ ਲੋਕਾਂ ਲਈ ਹੈ | ਸੂਬਾ ਸਰਕਾਰ ਨੇ ਸ਼ਰਧਾਲੂਆਂ ਦੀ ਮੁਫ਼ਤ ਠਹਿਰ ਅਤੇ ਖਾਣੇ ਲਈ ਵਿਸਤਰਿਤ ਪ੍ਰਬੰਧ ਕੀਤੇ ਹਨ | ਪਿੰਡ ਕਲੌਦੀ ਤੋਂ ਤੀਰਥ ਯਾਤਰਾ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਤੋਂ ਇਲਾਵਾ ਗੁਰਵਿੰਦਰ ਸਿੰਘ ਚੱਠਾ ਪੀ.ਏ., ਪਿੰਡ ਦੇ ਸਰਪੰਚ ਰਣਜੀਤ ਸਿੰਘ ਅਤੇ ਪੰਚ, ਬਲਵਿੰਦਰ ਬਬਲਾ, ਬੰਟੀ ਸੈਣੀ ਥਲੇਸਾਂ, ਗੁਰਪਿਆਰ ਸਿੰਘ ਅਕੋਈ ਅਤੇ ਹੋਰ ਮੌਜੂਦ ਸਨ |