ਦਿੜ੍ਹਬਾ ਮੰਡੀ, 31 ਮਈ (ਜਸਵੀਰ ਸਿੰਘ ਅÏਜਲਾ) - ਸਿੱਖ ਕੌਮ ਦੇ ਪੰਜ ਕਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖ਼ਸ਼ੀ ਹੋਈ ਉਹ ਪਵਿੱਤਰ ਨਿਸ਼ਾਨੀਆਂ ਹਨ ਜੋ ਸਿੱਖਾਂ ਦੀ ਪਹਿਚਾਣ, ਅਣਖ ਅਤੇ ਧਾਰਮਿਕ ਆਜ਼ਾਦੀ ਦਾ ਪ੍ਰਤੀਕ ਹਨ | ਪਰ ਅੱਜ ਸਿੱਖਾਂ ਦੇ ਧਾਰਮਿਕ ਹੱਕਾਂ ਉੱਪਰ ਲਗਾਤਾਰ ਹਮਲੇ ਹੋ ਰਹੇ ਹਨ ਅਤੇ ਸਿੱਖ ਨੌਜਵਾਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜੋ ਬਹੁਤ ਹੀ ਚਿੰਤਾਜਨਕ ਅਤੇ ਨਿੰਦਣਯੋਗ ਗੱਲ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਅੰਮਿ੍ਤਸਰ ਦੇ ਜ਼ਿਲ੍ਹਾ ਯੂਥ ਪ੍ਰਧਾਨ ਸਤਿਨਾਮ ਸਿੰਘ ਰੱਤੋਕੇ ਕੇ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਨਾਦੇੰੜ ਵਿਖੇ ਸਿੱਖ ਨੌਜਵਾਨਾਂ ਦੇ ਸ਼ਾਸਤਰਾਂ 'ਤੇ ਕਬਜ਼ਾ ਕਰਕੇ ਉਨ੍ਹਾਂ 'ਤੇ ਪਰਚੇ ਦਰਜ ਕਰਨ ਦੀ ਘਟਨਾ ਨੇ ਸਿੱਖ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ | ਧਾਰਮਿਕ ਨਿਸ਼ਾਨੀਆਂ ਅਤੇ ਸ਼ਸਤਰਾਂ ਨੂੰ ਨਿਸ਼ਾਨਾ ਬਣਾਉਣਾ ਸਿੱਖ ਕੌਮ ਦੀ ਅਹਿਮੀਅਤ 'ਤੇ ਹਮਲਾ ਹੈ, ਜਿਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਓਨੀ ਘੱਟ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਇਸ ਮਾਮਲੇ ਦੀ ਕੜੀ ਨਿਖੇਧੀ ਕਰਦਾ ਹੈ ਅਤੇ ਮੰਗ ਕਰਦਾ ਹੈ ਕਿ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇ ਅਤੇ ਬੇਕਸੂਰ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਤੁਰੰਤ ਰੱਦ ਕੀਤੇ ਜਾਣ | ਅਸੀਂ ਸਮੂਹ ਪੰਥਕ, ਸਮਾਜਿਕ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕਰਦੇ ਹਾਂ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਿੱਖ ਕੌਮ ਦੇ ਧਾਰਮਿਕ ਹੱਕਾਂ ਅਤੇ ਕਕਾਰਾਂ ਦੀ ਰੱਖਿਆ ਲਈ ਸਾਂਝੇ ਤੌਰ 'ਤੇ ਇਕੱਠੇ ਹੋਣ | ਇਹ ਸਿਰਫ਼ ਇੱਕ ਪਾਰਟੀ ਜਾਂ ਇੱਕ ਵਰਗ ਦੀ ਨਹੀਂ, ਸਗੋਂ ਪੂਰੀ ਕੌਮ ਦੀ ਲੜਾਈ ਹੈ |