ਸੰਗਰੂਰ, 1 ਜੂਨ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੇਵਾ ਕੇਂਦਰ ਮੁਲਾਜ਼ਮਾਂ ਵੈੱਲਫੇਅਰ ਐਸੋਸੀਏਸ਼ਨ ਦੀ ਪਿਛਲੇ ਦਿਨਾਂ ਤੋਂ ਚੱਲ ਰਹੀ ਹੜਤਾਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਸਾਬਕਾ ਵਿੱਤ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਪ੍ਰਦਰਸ਼ਨਕਾਰੀਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਉਨ੍ਹਾਂ ਦੀ ਮੰਗਾਂ ਨੂੰ ਜਾਇਜ਼ ਦੱਸਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ | ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਧਰਨੇ ਦੌਰਾਨ ਪਰਮਿੰਦਰ ਸਿੰਘ ਢੀਂਡਸਾ, ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਪਾਰਲੀਮਾਨੀ ਸਕੱਤਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਿਪੁਦਮਨ ਸਿੰਘ ਰਿਪੂ ਢਿੱਲੋਂ, ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਆਪਣੇ ਸਾਥੀਆਂ ਸਮੇਤ ਧਰਨੇ ਵਿੱਚ ਪੁੱਜੇ ਅਤੇ ਆਪਣਾ ਸਮਰਥਨ ਦਿੱਤਾ | ਢੀਂਡਸਾ ਨੇ ਕਿਹਾ ਕਿ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਆਮ ਲੋਕਾਂ, ਸ਼ਹਿਰੀਆਂ ਨੂੰ ਬੇਹੱਦ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਇਨ੍ਹੇ ਦਿਨਾਂ ਤੋਂ ਪੰਜਾਬ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ | ਆਪਣੀ ਮੰਗਾਂ ਨੂੰ ਦੁਹਰਾਉਂਦਿਆਂ ਬਲਜਿੰਦਰ ਸਿੰਘ, ਸਰਪ੍ਰਸਤ ਦਮਨਜੀਤ ਸਿੰਘ ਸੋਢੀ, ਮੀਤ ਪ੍ਰਧਾਨ ਮਨਦੀਪ ਸਿੰਘ, ਮੋਹਿਨੀ ਸ਼ਰਮਾ, ਗੁਰਸੇਵਕ ਸਿੰਘ ਚਹਿਲ, ਬਲਵਿੰਦਰ ਸਿੰਘ, ਗੁਰਮੀਤ ਸਿੰਘ ਨੇ ਕਿਹਾ ਕਿ ਸੇਵਾ ਕੇਂਦਰ ਮੁਲਾਜ਼ਮ ਪਿਛਲੇ ਦਸ ਸਾਲਾਂ ਤੋਂ 10000 ਰੁਪਏ ਦੀ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ | ਠੇਕੇਦਾਰੀ ਸਿਸਟਮ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਅਤੇ ਮੰਗ ਕੀਤੀ ਕਿ ਸੇਵਾ ਕੇਂਦਰ ਦੇ ਪ੍ਰੋਜੈਕਟ ਦੇ ਮੁਲਾਜ਼ਮਾਂ ਨੂੰ ਰੈਗੂਲਰ ਜਾ ਸਰਕਾਰੀ ਮਹਿਕਮੇ ਅੰਦਰ ਲਿਆ ਜਾਵੇ | ਇਸ ਮੌਕੇ ਮੀਡੀਆ ਸਲਾਹਕਾਰ ਅਵਤਾਰ ਸਿੰਘ ਪੁਰੀ, ਗੁਰਿੰਦਰਪਾਲ, ਜਤਿੰਦਰ ਲੌਂਗੋਵਾਲ, ਤਰਸੇਮ ਸਿੰਘ, ਗੁਰਤੇਜ ਸਿੰਘ ਮੌਜੂਦ ਸਨ |