ਮਲੇਰਕੋਟਲਾ, 1 ਜੂਨ (ਮਨਜਿੰਦਰ ਸਿੰਘ ਸਰੌਦ) - ਸਿਹਤ ਵਿਭਾਗ ਪੰਜਾਬ ਦੀ ਸਿਰਮੌਰ ਜਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਕੇਡਰ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਨਾ ਮੰਨਣ ਦੇ ਰੋਸ ਵਜੋਂ ਸੂਬਾ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕਰ ਦਿੱਤਾ ਹੈ | ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮਲੇਰਕੋਟਲਾ ਦੇ ਆਗੂ ਜਗਤਾਰ ਸਿੰਘ ਸਿੱਧੂ ਨੇ ਦੱਸਿਆ ਕਿ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਕੇਡਰ ਦੇ ਨਾਮ ਬਦਲੀ, ਵਰਦੀ ਭੱਤਾ, ਐਫਟੀਏ, ਡਾਈਟ, ਭੱਤਾ ਲਗਾਉਣ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਸਕੇਲ ਲਾਗੂ ਕਰਨ, ਨਵ ਨਿਯੁਕਤ ਸਿਹਤ ਕਾਮਿਆਂ ਦਾ ਪਰਖ ਕਾਲ ਸਮਾਂ ਘਟਾਉਣ, ਮਾਨਯੋਗ ਹਾਈਕੋਰਟ ਦੇ ਫ਼ੈਸਲੇ ਨੂੰ ਜਰਨਾਲਾਈਜ ਕਰ ਕੇ ਤਨਖ਼ਾਹ ਸਕੇਲ ਸੋਧਣ ਸੰਬੰਧੀ, ਸਮੇਤ ਕਈ ਮੰਗਾਂ ਦੇ ਲਈ ਸਿਹਤ ਮੰਤਰੀ ਪੰਜਾਬ, ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਅਤੇ ਸਿਹਤ ਡਾਇਰੈਕਟਰ ਪੰਜਾਬ ਨਾਲ ਕਈ ਵਾਰ ਮੀਟਿੰਗਾਂ ਕਰ ਚੁੱਕੀ ਹੈ ਪਰ ਵਾਰ ਵਾਰ ਇਨ੍ਹਾਂ ਮੰਗਾਂ ਤੇ ਸਹਿਮਤੀ ਪ੍ਰਗਟਾਉਂਦੇ ਹੋਏ ਫਿਰ ਮੰਗਾਂ ਨੂੰ ਲਟਕਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ, ਜੋ ਮੰਦਭਾਗੀ ਹੈ | ਉਨ੍ਹਾਂ ਨੇ ਕਿਹਾ ਕਿ ਜਥੇਬੰਦੀ ਹੁਣ ਵੱਡੇ ਸੰਘਰਸ਼ ਦੇ ਰਾਹ ਤੇ ਹੈ ਤੇ ਜਿਸ ਦੇ ਤਹਿਤ ਜ਼ਿਲ੍ਹਾ ਹੈਡਕੁਆਰਟਰਾਂ ਰਾਹੀਂ ਮੰਗ ਪੱਤਰ ਭੇਜੇ ਗਏ ਹਨ | ਇਸ ਦੇ ਨਾਲ ਹੀ 4 ਜੂਨ ਨੂੰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ |