ਮਲੇਰਕੋਟਲਾ, 1 ਜੂਨ (ਮਨਜਿੰਦਰ ਸਿੰਘ ਸਰੌਦ ਪਾਰਸ ਜੈਨ) - ਪਿਛਲੇ ਲੰਬੇ ਸਮੇਂ ਤੋਂ ਜ਼ਿਲ੍ਹਾ ਮਲੇਰਕੋਟਲਾ ਅੰਦਰ ਬੇਸਹਾਰਾ ਪਸ਼ੂਆਂ ਕਾਰਨ ਵਧ ਰਹੀਆਂ ਮੁਸ਼ਕਿਲਾਂ ਤੇ ਸੜਕ ਹਾਦਸਿਆਂ ਦੇ ਖ਼ਤਰੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵਲੋਂ ਨਗਰ ਕੌਂਸਲ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸ਼ਹਿਰ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਹਾਦਸਾ-ਮੁਕਤ ਬਣਾਉਣ ਲਈ ਬੇਸਹਾਰਾ ਪਸ਼ੂਆਂ ਦੀ ਰੋਕਥਾਮ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ | ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਬੇਸਹਾਰਾ ਪਸ਼ੂਆਂ ਨੂੰ ਸੁਰੱਖਿਅਤ ਢੰਗ ਨਾਲ ਫੜ ਕੇ ਗਊਸ਼ਾਲਾਵਾਂ ਆਦਿ 'ਚ ਭੇਜਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਪ੍ਰਸ਼ਾਸਨਿਕ ਜ਼ਿੰਮੇਵਾਰੀ ਨਹੀਂ, ਸਗੋਂ ਮਨੁੱਖਤਾ ਨਾਲ ਜੁੜਿਆ ਹੋਇਆ ਮਾਮਲਾ ਵੀ ਹੈ | ਉਨ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਗਊਸ਼ਾਲਾਵਾਂ ਵਿੱਚ ਰਹਿ ਰਹੀਆਂ ਗਾਵਾਂ ਦੀ ਸਿਹਤ ਦੀ ਨਿਯਮਿਤ ਜਾਂਚ, ਟੀਕਾਕਰਨ, ਚਾਰੇ ਅਤੇ ਸਾਫ਼-ਸਫ਼ਾਈ ਦੇ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਬੇਜ਼ੁਬਾਨ ਪਸ਼ੂਆਂ ਦੀ ਸੰਭਾਲ ਸੇਵਾ ਭਾਵਨਾ ਨਾਲ ਹੋ ਸਕੇ | ਇਸ ਦੇ ਨਾਲ ਹੀ ਨਗਰ ਕੌਂਸਲ ਅਧਿਕਾਰੀਆਂ ਨੂੰ ਖੁੱਲ੍ਹੇ ਵਿੱਚ ਪਏ ਕੂੜੇ ਨੂੰ ਤੁਰੰਤ ਚੁੱਕਣ ਅਤੇ ਸ਼ਹਿਰ ਵਿੱਚ ਸਫ਼ਾਈ ਪ੍ਰਬੰਧ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ, ਤਾਂ ਜੋ ਪਸ਼ੂਆਂ ਦੇ ਇਕੱਠ ਨੂੰ ਰੋਕਿਆ ਜਾ ਸਕੇ | ਇਸ ਮੌਕੇ ਕਾਰਜ ਸਾਧਕ ਅਫ਼ਸਰ ਮਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ, ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ/ਅਮਰਗੜ੍ਹ ਅਸ਼ੀਸ਼ ਕੁਮਾਰ, ਸੀਨੀਅਰ ਵੈਟਰਨਰੀ ਅਫ਼ਸਰ ਡਾ.ਸੁਖਵਿੰਦਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਹਰਮੇਸ਼ ਸਿੰਘ ਗਿੱਲ, ਸਮਾਜਸੇਵੀ ਮਹੰਤ ਸਵਰੂਪ ਬਿਹਾਰੀ ਸ਼ਰਨ ਹਾਜ਼ਰ ਸਨ |