ਭਵਾਨੀਗੜ੍ਹ, 1 ਜੂਨ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਪੈਪਸੀਕੋ ਫ਼ੈਕਟਰੀ ਦੇ ਮੁੱਖ ਗੇਟ ਅੱਗੇ ਰੋਸ ਧਰਨਾ ਦਿੰਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਖ਼ਜ਼ਾਨਚੀ ਬਲਵਿੰਦਰ ਸਿੰਘ ਘਨੌੜ, ਬਲਾਕ ਜਨਰਲ ਸਕੱਤਰ ਜਸਵੀਰ ਸਿੰਘ ਗੱਗੜਪੁਰ, ਬਲਾਕ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਅਤੇ ਦਿੜ੍ਹਬਾ ਬਲਾਕ ਦੇ ਪ੍ਰਧਾਨ ਹਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਫ਼ੈਕਟਰੀ ਦੇ ਕਾਮੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਪ੍ਰਸ਼ਾਸਨ ਅਤੇ ਕੰਪਨੀ ਪ੍ਰਬੰਧਕਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ | ਉਕਤ ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਸਥਾਨਕ ਪ੍ਰਸ਼ਾਸਨ ਦੀ ਮੌਜੂਦਗੀ 'ਚ ਕੰਪਨੀ ਪ੍ਰਬੰਧਕਾਂ ਨੂੰ 13 ਨੁਕਾਤੀ ਮੰਗ-ਪੱਤਰ ਸੌਂਪਿਆ ਗਿਆ ਸੀ | ਇਸ 'ਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਕਿਰਤੀਆਂ ਨੂੰ 'ਅਨਸਕਿਲਡ' ਕਰਾਰ ਦੇਣ ਦੀ ਪ੍ਰਥਾ ਖ਼ਤਮ ਕਰਨ, ਗ਼ੈਰਕਾਨੰੂਨੀ ਸਰਵਿਸ ਬਰੇਕ ਨੀਤੀ ਰੱਦ ਕਰਨ, ਕਿਰਤ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣ, ਵਰਕ ਲੋਡ ਘਟਾਉਣ, ਤਨਖ਼ਾਹਾਂ, ਬੋਨਸ ਅਤੇ ਛੁੱਟੀਆਂ ਦੇ ਭੱਤੇ ਵਿੱਚ ਵਾਧਾ ਕਰਨ ਅਤੇ ਕਿਰਤ ਭਲਾਈ ਬੋਰਡ ਦੀਆਂ ਸਕੀਮਾਂ ਲਾਗੂ ਕਰਨ ਸਮੇਤ ਹੋਰ ਮੰਗਾਂ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਪਹਿਲੀ ਮੀਟਿੰਗ ਦੌਰਾਨ ਕੁੱਝ ਮੰਗਾਂ 'ਤੇ ਸਹਿਮਤੀ ਬਣੀ ਸੀ ਅਤੇ ਤਨਖ਼ਾਹ ਵਾਧੇ ਤੇ ਸਰਵਿਸ ਬਰੇਕ ਨੀਤੀ ਬਾਰੇ 1 ਜੂਨ ਨੂੰ ਦੁਬਾਰਾ ਮੀਟਿੰਗ ਕਰ ਕੇ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ ਸੀ | ਜੇਕਰ ਅੱਜ ਦੀ ਮੀਟਿੰਗ ਵਿੱਚ ਵੀ ਕੋਈ ਠੋਸ ਹੱਲ ਨਾ ਨਿਕਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਬਲਾਕ ਆਗੂ ਕੁਲਦੀਪ ਸਿੰਘ ਬਖੋਪੀਰ ਅਤੇ ਕਰਮ ਚੰਦ ਪੰਨਵਾਂ ਨੇ ਕਿਹਾ ਕਿ ਕਾਰਪੋਰੇਟ ਘਰਾਣੇ ਅਤੇ ਸਰਕਾਰਾਂ ਮਜ਼ਦੂਰਾਂ ਤੇ ਕਿਸਾਨਾਂ ਦੇ ਹੱਕਾਂ 'ਤੇ ਲਗਾਤਾਰ ਹਮਲੇ ਕਰ ਰਹੀਆਂ ਹਨ, ਜਿਨ੍ਹਾਂ ਦਾ ਮੁਕਾਬਲਾ ਸਿਰਫ਼ ਇੱਕਜੁੱਟ ਸੰਘਰਸ਼ ਨਾਲ ਹੀ ਸੰਭਵ ਹੈ | ਉਨ੍ਹਾਂ ਮਜ਼ਦੂਰਾਂ ਦੇ ਘੋਲ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਧਰਨੇ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ, ਕਿਸਾਨਾਂ ਅਤੇ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ |