ਸੰਗਰੂਰ, 2 ਜੂਨ (ਧੀਰਜ ਪਸੋਰੀਆ) - ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੇ ਦੋ ਵਿਦਿਆਰਥੀਆਂ ਨੇ ਜੇ ਈ ਈ ਐਡਵਾਂਸ ਪ੍ਰੀਖਿਆ ਪਾਸ ਕਰਕੇ ਆਪਣੇ ਸਕੂਲਾਂ ਦੇ ਨਾਲ ਨਾਲ ਜ਼ਿਲ੍ਹਾ ਸੰਗਰੂਰ ਦਾ ਨਾ ਰੋਸ਼ਨ ਕੀਤਾ ਹੈ | ਮੈਰੀਟੋਰੀਅਸ ਸਕੂਲ ਘਾਬਦਾਂ ਦੇ ਗਗਨਦੀਪ ਸਿੰਘ ਨੇ ਇਸ ਪ੍ਰੀਖਿਆ 'ਚ 2771ਵਾਂ ਰੈਂਕ ਪ੍ਰਾਪਤ ਕੀਤਾ ਹੈ | ਉਸ ਨੇ ਦਸਵੀਂ ਤੱਕ ਦੀ ਪੜ੍ਹਾਈ ਆਪਣੇ ਪਿੰਡ ਦੇ ਹੀ ਸਕੂਲ ਸਰਕਾਰੀ ਹਾਈ ਸਕੂਲ ਜਲੂਰ ਤੋਂ ਕੀਤੀ ਹੈ | ਇਸੇ ਤਰ੍ਹਾਂ ਸਕੂਲ ਆਫ਼ ਐਮੀਨੈਂਸ ਛਾਜਲੀ ਦੇ ਵਿਦਿਆਰਥੀ ਹਰਮਨਦੀਪ ਸ਼ਰਮਾ ਨੇ ਇਸ ਪ੍ਰੀਖਿਆ 'ਚ 29830ਵਾਂ ਰੈਂਕ ਪ੍ਰਾਪਤ ਕੀਤਾ ਹੈ | ਜ਼ਿਲੇ੍ਹ ਦੇ ਮੈਰੀਟੋਰੀਅਸ ਘਾਬਦਾਂ ਦੇ ਗੁਰਪ੍ਰੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਦੇ ਮਨਪ੍ਰੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਦਾਮਪੁਰ ਦੇ ਜਸਕਰਨ ਸਿੰਘ ਅਤੇ ਦਵਿੰਦਰ ਸਿੰਘ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਬੇ ਰਹਿਮਤ ਕੌਰ ਨੇ ਪ੍ਰੈਪਰੈਂਕ ਪ੍ਰਾਪਤ ਕੀਤਾ ਹੈ | ਜ਼ਿਕਰਯੋਗ ਹੈ ਕਿ ਇਸ ਜ਼ਿਲੇ੍ਹ ਦੇ 28 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਦੀ ਇਸ ਪ੍ਰੀਖਿਆ ਲਈ ਕੁਆਲੀਫ਼ਾਈ ਕੀਤਾ ਸੀ ਅਤੇ ਇਹਨਾਂ ਵਿਦਿਆਰਥੀਆਂ ਨੂੰ ਚੰਡੀਗੜ੍ਹ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਸਨਮਾਨਿਤ ਵੀ ਕੀਤਾ ਗਿਆ ਸੀ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕਾ ਨਰਿੰਦਰ ਕੌਰ ਭਰਾਜ, ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਬੀਰ ਸਿੰਘ ਸੁੱਖੀ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੋਬੀ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਜ਼ਿਲ੍ਹਾ ਪਰੀਸ਼ਦ ਸੰਗਰੂਰ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਆਮ ਆਦਮੀ ਪਾਰਟੀ ਦੇ ਜੋਨਲ ਮੀਡੀਆ ਇੰਚਾਰਜ ਤੇ ਬੁਲਾਰੇ ਅਬਜਿੰਦਰ ਸਿੰਘ ਸੰਘਾ, ਜ਼ਿਲ੍ਹਾ ਪਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ, ਆਪ ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਇਹਨਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਹੈ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਕੂਲੀ ਸਿੱਖਿਆ ਵਿੱਚ ਲਿਆਂਦੇ ਕ੍ਰਾਂਤੀਕਾਰੀ ਬਦਲਾਅ ਦਾ ਨਤੀਜਾ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਦੇਸ਼ ਪੱਧਰੀ ਮਿਆਰੀ ਪ੍ਰੀਖਿਆਵਾਂ ਵਿੱਚ ਪ੍ਰਸ਼ੰਸਾ ਯੋਗ ਸਥਾਨ ਪ੍ਰਾਪਤ ਕਰਕੇ ਆਪਣਾ ਨਾਂ ਦਰਜ ਕਰਵਾਉਣ ਲੱਗੇ ਹਨ |