ਸੰਗਰੂਰ, 2 ਜੂਨ (ਦਮਨਜੀਤ ਸਿੰਘ) - ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ਤਹਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਤੇਲ ਅਤੇ ਗੈਸ ਦੀਆਂ ਕੀਮਤਾਂ 'ਚ ਕੀਤਾ ਵਾਧਾ ਵਾਪਸ ਲਿਆ ਜਾਵੇ, ਸਹਿਕਾਰੀ ਸੁਸਾਇਟੀਆਂ 'ਚ ਵਧੇ ਹੋਏ ਹੱਦ ਕਰਜ਼ੇ ਮੁਤਾਬਿਕ ਕਿਸਾਨਾਂ ਨੂੰ ਨਕਦੀ ਦਿੱਤੀ ਜਾਵੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਮੈਂਬਰੀ ਬਹਾਲ ਕੀਤੀ ਜਾਵੇ, ਭਾਰਤ ਅਮਰੀਕਾ ਕਰ ਮੁਕਤ ਵਪਾਰ ਸਮਝੌਤੇ ਰੱਦ ਕੀਤੇ ਜਾਣ, ਸਾਰੀਆਂ ਫ਼ਸਲਾਂ ਦੀ ਐਮ.ਐਸ.ਪੀ. ਉੱਤੇ ਖ਼ਰੀਦ ਯਕੀਨੀ ਬਣਾਈ ਜਾਵੇ, ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ 2025 ਰੱਦ ਕੀਤੇ ਜਾਣ,ਇਸ ਤੋਂ ਬਿਨਾਂ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਕਰੀਬ 4 ਘੰਟੇ ਤੱਕ ਰੋਸ ਧਰਨਾ ਦਿੱਤਾ ਅਤੇ ਡੀ.ਸੀ. ਸੰਗਰੂਰ ਰਾਹੀਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ | ਧਰਨੇ ਦੀ ਅਗਵਾਈ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ,ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ,ਬੀ.ਕੇ.ਯੂ. ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਬੀ.ਕੇ.ਯੂ. ਡਕੌਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ,ਬੀ.ਕੇ.ਯੂ. ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਆਗੂ ਸ਼ਮਸ਼ੇਰ ਸਿੰਘ ਈਸਾਪੁਰ ਅਤੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਂਵਾਲ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਦੀ ਕਿਸਾਨੀ ਸੰਕਟ ਦੇ ਵਿੱਚ ਹੈ, ਡੀਜ਼ਲ- ਪੈਟਰੋਲ ਅਤੇ ਖਾਦਾਂ ਦੀਆਂ ਕੀਮਤਾਂ ਵਧਣ ਕਾਰਨ ਖੇਤੀ ਲਾਗਤਾਂ ਬਹੁਤ ਜ਼ਿਆਦਾ ਵੱਧ ਗਈਆਂ ਹਨ, ਜਿਸ ਕਾਰਨ ਖੇਤੀ ਵਿੱਚ ਲਗਾਤਾਰ ਘਾਟਾ ਪੈ ਰਿਹਾ ਹੈ ਪਰ ਕੇਂਦਰ ਅਤੇ ਸੂਬੇ ਦੀ ਸਰਕਾਰ ਕੋਈ ਵੀ ਖੇਤੀ ਪੱਖੀ ਨੀਤੀ ਲਾਗੂ ਕਰਨ ਤੋਂ ਭੱਜ ਰਹੀਆਂ ਹਨ ਸਿਰਫ਼ ਸ਼ਗੂਫ਼ੇ ਛੱਡ ਕੇ ਡੰਗ ਟਪਾਈ ਕਰ ਰਹੀਆਂ ਹਨ | ਆਗੂਆਂ ਨੇ ਮੰਗ ਕੀਤੀ ਕਿ 60 ਸਾਲ ਤੋਂ ਉੱਪਰ ਕਿਸਾਨ ਮਰਦ ਅÏਰਤ ਨੂੰ 10 ਹਜ਼ਾਰ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ, ਸਾਰੀਆਂ ਫ਼ਸਲਾਂ ਦਾ ਬੀਮਾ ਕੀਤਾ ਜਾਵੇ, ਅੰਦੋਲਨ ਦੌਰਾਨ ਕਿਸਾਨਾਂ ਤੇ ਹੋਏ ਪਰਚੇ ਰੱਦ ਕੀਤੇ ਜਾਣ, ਖਾਦ ਦਾ ਥੈਲਾ 50 ਕਿਲੋ ਦਾ ਕੀਤਾ ਜਾਵੇ ਅਤੇ ਰੇਟ ਘਟਾਇਆ ਜਾਵੇ | ਅੱਜ ਦੇ ਰੋਸ ਧਰਨੇ ਨੂੰ ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਐਡਵੋਕੇਟ ਕਿਰਨਜੀਤ ਸਿੰਘ ਸੇਖੋਂ, ਕਸ਼ਮੀਰ ਸਿੰਘ ਘਰਾਚੋਂ, ਜਗਤਾਰ ਸਿੰਘ ਕਾਲਾਝਾੜ, ਭੁਪਿੰਦਰ ਸਿੰਘ ਲੌਂਗੋਵਾਲ, ਜਗਸੀਰ ਸਿੰਘ ਜੱਗਾ, ਨਿਰਮਲ ਸਿੰਘ ਬਟੜਿਆਣਾ, ਧਿਆਨ ਸਿੰਘ ਭੱਟੀਵਾਲ, ਲਛਮਣ ਸਿੰਘ ਅਲੀਸ਼ੇਰ, ਸੁਖਦੇਵ ਸਿੰਘ ਘਰਾਚੋਂ ਨੇ ਸੰਬੋਧਨ ਕੀਤਾ | ਸੰਯੁਕਤ ਕਿਸਾਨ ਮੋਰਚੇ ਵੱਲੋਂ ਮਤਾ ਪਾ ਕੇ ਸੇਵਾ ਕੇਂਦਰ ਦੇ ਹੜਤਾਲੀ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਵੀ ਕੀਤੀ ਗਈ |