ਸੰਗਰੂਰ, 3 ਜੂਨ (ਦਮਨਜੀਤ ਸਿੰਘ)- ਲੋਕਾਂ ਨੂੰ ਸੁਵਿਧਾ ਦੇਣ ਵਾਲੇ ਆਪਣੀਆਂ ਸੁਵਿਧਾਵਾਂ ਨੂੰ ਤਰਸੇ ਹੋਏ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸੰਗਰੂਰ ਵਿਖੇ ਸੇਵਾ ਕੇਂਦਰ ਮੁਲਾਜ਼ਮਾਂ ਦੇ ਧਰਨੇ 'ਚ ਸ਼ਾਮਿਲ ਹੋਣ ਸਮੇਂ ਅਰਵਿੰਦ ਖੰਨਾ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਨੇ ਕੀਤਾ | ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮ ਲੋਕਾਂ ਨੂੰ ਸੁਵਿਧਾਵਾਂ ਦਿੰਦੇ ਹਨ, ਪ੍ਰੰਤੂ ਸਰਕਾਰ ਇਨ੍ਹਾਂ ਦੀਆਂ ਸਮੱਸਿਆਵਾਂ ਹੀ ਹੱਲ ਨਹੀਂ ਕਰ ਰਹੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਡੇ-ਵੱਡੇ ਇਸ਼ਤਿਹਾਰਾਂ 'ਚ ਸੇਵਾ ਕੇਂਦਰਾਂ ਤੋਂ ਲੋਕਾਂ ਨੂੰ ਮਿਲ ਰਹੀਆਂ ਸੁਵਿਧਾਵਾਂ ਦਾ ਜ਼ਿਕਰ ਕਰ ਰਹੀ ਹੈ ਅਤੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੂੰ ਸਹੀ ਸਮੇਂ ਤਨਖ਼ਾਹ ਤੱਕ ਨਹੀਂ ਮਿਲਦੀ | ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ੋ੍ਰਮਣੀ ਅਕਾਲੀ ਦਲ ਦੀਆਂ ਚਲਾਈਆਂ ਸਕੀਮਾਂ ਨੂੰ ਹੀ ਨਵੇਂ ਿਗ਼ਲਾਫ਼ ਪਾ ਕੇ ਪੇਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕੇਵਲ ਅਤੇ ਕੇਵਲ ਇਸ਼ਤਿਹਾਰਬਾਜ਼ੀ ਦੀ ਰਾਜਨੀਤੀ ਕਰ ਰਹੀ ਹੈ ਜਦਕਿ ਕਿ ਧਰਾਤਲ 'ਤੇ ਕੁੱਝ ਨਹੀਂ ਹੋ ਰਿਹਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਪਤਾ ਨਹੀਂ ਕਿਹੜੇ ਮੁਲਾਜ਼ਮ ਪੱਕੇ ਕਰਨ ਦੇ ਇਸ਼ਤਿਹਾਰ ਛਪਵਾ ਰਹੀ ਹੈ ਜਦਕਿ ਸੇਵਾ ਕੇਂਦਰਾਂ ਦੇ ਮੁਲਾਜ਼ਮ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਲਈ ਸੰਘਰਸ਼ ਦੇ ਰਾਹ ਪੈ ਕੇ ਧਰਨੇ ਲਗਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਅਤੇ ਆਮ ਲੋਕਾਂ ਦੀਆਂ ਹੱਕੀਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਅਤੇ ਉਹ ਦੁਖੀ ਹੋਏ ਧਰਨਿਆਂ ਦਾ ਸਹਾਰਾ ਲੈ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਦਾ ਖ਼ਮਿਆਜ਼ਾ ਪੰਜਾਬ ਸਰਕਾਰ ਨੂੰ ਆਗਾਮੀ 2027 ਚੋਣਾਂ ਵਿੱਚ ਭੁਗਤਣਾ ਪਵੇਗਾ | ਇਸ ਮੌਕੇ ਸੇਵਾ ਕੇਂਦਰ ਮੁਲਾਜ਼ਮਾਂ ਬਲਜਿੰਦਰ ਸਿੰਘ ਪ੍ਰਧਾਨ ਮਾਝਾ, ਮਨਦੀਪ ਸਿੰਘ ਮੋਹਨੀ ਸ਼ਰਮਾ ਅਤੇ ਅਵਤਾਰ ਪੁਰੀ ਨੇ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਅਰਵਿੰਦ ਖੰਨਾ ਨੂੰ ਸੌਂਪਦੇ ਹੋਏ ਆਪਣੀਆਂ ਮੰਗਾਂ ਜਿਵੇਂ ਬਰਾਬਰ ਕੰਮ ਬਰਾਬਰ ਤਨਖ਼ਾਹ, ਠੇਕੇਦਾਰੀ ਸਿਸਟਮ ਖ਼ਤਮ ਕਰ ਕੇ ਸਰਕਾਰੀ ਮਹਿਕਮੇ ਅੰਡਰ ਲੈਣ ਅਤੇ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਜਾਣੂ ਕਰਵਾਇਆ | ਖੰਨਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਹਮੇਸ਼ਾ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਇਹ ਸੇਵਾ ਕੇਂਦਰ ਵੀ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਹੀ ਚਲਾਏ ਗਏ ਸਨ ਤਾਂ ਜੋ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲ ਸਕੇ, ਪ੍ਰੰਤੂ ਮਾਨ ਸਰਕਾਰ ਹੁਣ ਨੌਜਵਾਨਾਂ ਨੂੰ ਨੌਕਰੀ ਤੋਂ ਕੱਢ ਕੇ ਬੇਰੁਜ਼ਗਾਰ ਬਣਾ ਰਹੀ ਹੈ | ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ 'ਤੇ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ | ਇਸ ਮੌਕੇ ਉਨ੍ਹਾਂ ਨਾਲ ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ, ਧਰਮਿੰਦਰ ਸਿੰਘ ਦੁੱਲਟ, ਅਰੁਣਜੀਤ ਸਿੰਘ ਸਰਾਓ ਅਤੇ ਸਦੀਕ ਕਲੌਦੀ ਤੋਂ ਇਲਾਵਾ ਹੋਰ ਅਕਾਲੀ ਵਰਕਰ ਅਤੇ ਆਗੂ ਮੌਜੂਦ ਸਨ |