ਸੁਨਾਮ ਊਧਮ ਸਿੰਘ ਵਾਲਾ, 3 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਤਜਿੰਦਰ ਸਿੰਘ ਸੰਘਰੇੜੀ ਵਲੋਂ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਦੀ ਸਿਫ਼ਾਰਸ਼ 'ਤੇ ਹਲਕਾ ਸੁਨਾਮ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ, ਤਜਿੰਦਰ ਸਿੰਘ ਸੰਘਰੇੜੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਦਿਨੀਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਹਿਬ ਵੱਲੋਂ ਚੰਡੀਗੜ੍ਹ ਵਿਖੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜ ਸਾਹਿਬਾਨ ਦੀ ਮੀਟਿੰਗ 'ਚ ਇਹ ਫੈਸਲਾ ਕੀਤਾ ਕਿ ਹਰ ਹਲਕੇ 'ਚ 15000 ਵੋਟ ਤੱਕ ਇੱਕ ਸਰਕਲ ਪ੍ਰਧਾਨ ਲਾਇਆ ਜਾਵੇ, ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੇ ਸਰਕਲ ਪ੍ਰਧਾਨ ਅਤੇ ਅਹੁਦੇਦਾਰ ਵੱਖੋ-ਵੱਖਰੇ ਬਣਾਏ ਜਾਣਗੇ, ਪਾਰਟੀ ਦੇ ਜਥੇਬੰਦਕ ਢਾਂਚੇ 'ਚ ਹਰ ਵਰਗ ਨੂੰ ਬਿਨ੍ਹਾਂ ਕਿਸੇ ਭੇਦਭਾਵ ਜਾਤ-ਪਾਤ ਤੋਂ ਹਟ ਕੇ ਮਾਣ ਸਨਮਾਨ ਦਿੱਤਾ ਜਾਵੇਗਾ | ਜਿਹੜੇ ਵੀ ਵਰਕਰ ਪਾਰਟੀ ਦੀ ਵਿਚਾਰਧਾਰਾ, ਪਾਰਟੀ ਚੋਣ ਨਿਸ਼ਾਨ ਅਤੇ ਪਾਰਟੀ ਦੇ ਪ੍ਰਧਾਨ ਸਾਹਿਬ ਦੇ ਫ਼ੈਸਲਿਆਂ ਤੇ ਪਹਿਰਾ ਦੇਣਗੇ, ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇਗੀ | ਵਿਨਰਜੀਤ ਸਿੰਘ ਨੇ ਦੱਸਿਆ ਕਿ ਪਾਰਟੀ ਸੁਨਾਮ ਹਲਕੇ ਵਿੱਚ ਆਉਣ ਵਾਲੀ ਵਿਧਾਨ ਸਭਾ ਚੋਣ ਪੂਰੀ ਤਿਆਰੀ ਅਤੇ ਤਨਦੇਹੀ ਨਾਲ ਲੜੇਗੀ |