ਧੂਰੀ, 3 ਜੂਨ (ਲਖਵੀਰ ਸਿੰਘ ਧਾਂਦਰਾ) - ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ, ਭਾਖੜਾ ਬਿਆਸ ਮੈਨੇਜਮੈਂਟ ਬੋਰਡ 'ਚੋਂ ਪੰਜਾਬ ਦੀ ਮੈਂਬਰੀ ਬਹਾਲ ਕਰਨ ਅਤੇ ਮਲੇਰਕੋਟਲਾ ਰਿਆਸਤ ਦੇ ਪਿੰਡਾਂ ਲਈ ਨਹਿਰੀ ਪਾਣੀ ਲੈਣ ਲਈ ਲੜੇ ਗਏ ਜੇਤੂ ਘੋਲ 'ਤੇ ਚਰਚਾ ਕਰਨ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ 6 ਜੂਨ ਨੂੰ ਮਸਤੂਆਣਾ ਸਾਹਿਬ ਵਿਖੇ ਕੀਤੀ ਜਾ ਰਹੀ ਫ਼ਤਹਿ ਕਨਵੈੱਨਸ਼ਨ ਦੀ ਤਿਆਰੀ ਸਬੰਧੀ ਅੱਜ ਪਿੰਡ ਰਾਜੋਮਾਜਰਾ, ਜਹਾਂਗੀਰ, ਘਨੌਰ ਖ਼ੁਰਦ, ਘਨੌਰ ਕਲਾਂ, ਕਲੇਰਾਂ ਅਤੇ ਫਰਵਾਹੀ ਵਿਖੇ ਰੈਲੀਆਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ ਅਤੇ ਕਨਵੈੱਨਸ਼ਨ ਵਿੱਚ ਪਹੁੰਚਣ ਦਾ ਸੱਦਾ ਦਿੱਤਾ | ਇਸ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਯੂਥ ਵਿੰਗ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਪਾਣੀਆਂ ਦੇ ਹੱਕ 'ਤੇ ਡਾਕਾ ਮਾਰ ਰਹੀ ਹੈ | ਜਦਕਿ ਪੰਜਾਬ 'ਚ ਇਸ ਸਮੇਂ ਧਰਤੀ ਹੇਠਲਾ ਪਾਣੀ ਖ਼ਤਰਨਾਕ ਹੱਦ ਤੱਕ ਡੂੰਘਾ ਚਲਾ ਗਿਆ ਹੈ ਅਤੇ ਪੰਜਾਬ ਦੇ ਦਰਿਆਈ ਪਾਣੀ ਗੈਰ ਸੰਵਿਧਾਨ ਤਰੀਕਿਆਂ ਰਾਹੀਂ ਕੇਂਦਰ ਸਰਕਾਰ ਦੂਜੇ ਸੂਬਿਆਂ ਨੂੰ ਦੇ ਰਹੀ ਹੈ ਅਤੇ ਬਚਦੇ ਪਾਣੀ ਵਿੱਚ ਸਨਅਤਾਂ ਦਾ ਪ੍ਰਦੂਸ਼ਣ ਘੋਲਿਆ ਜਾ ਰਿਹਾ ਹੈ | ਸਤਲੁਜ ਬਿਆਸ ਅਤੇ ਰਾਵੀ ਦਰਿਆ ਪੰਜਾਬ 'ਚੋਂ ਦੀ ਲੰਘਦੇ ਹਨ ਅਤੇ ਇਹਨਾਂ ਦੇ ਹੜ੍ਹਾਂ ਦੀ ਮਾਰ ਵੀ ਪੰਜਾਬੀ ਝੱਲਦੇ ਹਨ | ਇਸ ਕਰਕੇ ਰਿਪੇਰੀਅਨ ਸਿਧਾਂਤ ਮੁਤਾਬਕ ਇਹਨਾਂ ਦੇ ਪਾਣੀਆਂ 'ਤੇ ਪੰਜਾਬ ਦਾ ਹੱਕ ਬਣਦਾ ਹੈ | ਇਨ੍ਹਾਂ ਮਾਮਲਿਆਂ 'ਤੇ ਚਰਚਾ ਕਰਨ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ, ਸੀਨੀਅਰ ਪੱਤਰਕਾਰ ਹਮੀਰ ਸਿੰਘ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਮਿੰਦਰ ਸਿੰਘ ਪਟਿਆਲਾ ਨੂੰ ਵਿਚਾਰ ਚਰਚਾ ਕਰਨ ਲਈ ਸੱਦਾ ਦਿੱਤਾ ਗਿਆ ਹੈ | ਵੱਖ-ਵੱਖ ਪਿੰਡਾਂ 'ਚ ਹੋਈਆਂ ਰੈਲੀਆਂ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਹਰਦਮ ਸਿੰਘ ਰਾਜੋਮਾਜਰਾ, ਸੁਖਵਿੰਦਰ ਸਿੰਘ ਚੁੰਘਾਂ, ਰੁਪਿੰਦਰ ਸਿੰਘ ਚੌਂਦਾ ਨੇ ਵੀ ਸੰਬੋਧਨ ਕੀਤਾ |