ਮੂਨਕ, 6 ਜੂਨ (ਵਰਿੰਦਰ ਭਾਰਦਵਾਜ) - ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਸਿਵ ਰਿਵੀਜ਼ਨ 2026 ਜੋ 25 ਜੂਨ 2026 ਤੋਂ 24 ਜੁਲਾਈ 2026 ਤੱਕ ਚੱਲੇਗੀ, ਬੀ.ਐਲ.ਓਜ਼. ਘਰੋਂ-ਘਰੀਂ ਜਾ ਕੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰਵਾਉਣਗੇ ਅਤੇ ਫਾਰਮ ਨੂੰ ਮੁੜ ਪ੍ਰਾਪਤ ਕਰਨ ਲਈ ਵੋਟਰਾਂ ਦੇ ਘਰ ਜਾ ਕੇ ਉਨ੍ਹਾਂ ਨਾਲ ਸੰਪਰਕ ਕਰਨਗੇ ਇਹ ਜਾਣਕਾਰੀ ਸ੍ਰੀ ਰਾਕੇਸ਼ ਪ੍ਰਕਾਸ਼ ਗਰਗ ਐੱਸ.ਡੀ.ਐਮ. ਮੂਨਕ ਵੱਲੋਂ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਦੌਰਾਨ ਆਧਾਰ ਕਾਰਡ ਨੂੰ ਸਿਰਫ਼ ਪਹਿਚਾਣ ਦੇ ਸਰੋਤ ਵਜੋਂ ਹੀ ਮਾਨਤਾ ਦਿੱਤੀ ਗਈ ਹੈ ਨਾ ਕਿ ਪਹਿਚਾਣ ਦੇ ਸਬੂਤ ਵਜੋਂ ਹੈ, ਐਸ.ਆਈ. ਆਰ. ਸਬੰਧੀ ਬੀ.ਐਲ.ਓਜ਼. ਨੂੰ ਟਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਦਾ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿਚੋਂ ਬਾਹਰ ਕਰਨਾ ਹੈ | ਉਨ੍ਹਾਂ ਹੋਰ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ ਜਿਸ ਲਈ ਕਾਨੂੰਨ ਅਨੁਸਾਰ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਦਾ ਪ੍ਰਾਵਧਾਨ ਹੈ | ਉਨ੍ਹਾਂ ਦੱਸਿਆ ਕਿ ਹਲਕਾ ਲਹਿਰਾ ਦੀ ਤਕਰੀਬਨ 90 ਫ਼ੀਸਦੀ ਮੈਪਿੰਗ ਹੋ ਚੁੱਕੀ ਹੈ ਅਤੇ ਹੁਣ ਮੈਪਿੰਗ ਦੀ ਪ੍ਰਤੀਸ਼ਤ ਹੋਰ ਵਧਾਉਣ ਲਈ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਅੱਜ 07 ਜੂਨ ਨੂੰ ਸਪੈਸ਼ਲ ਕੈਂਪ ਲਗਾਏ ਜਾਣਗੇ, ਕੈਂਪ ਦੌਰਾਨ ਬੀ.ਐਲ.ਓਜ਼ ਆਪਣੇ ਆਪਣੇ ਸਬੰਧਿਤ ਪੋਲਿੰਗ ਸਟੇਸ਼ਨ ਤੇ ਸਵੇਰੇ 10-00 ਵਜੇ ਤੋਂ ਸ਼ਾਮ 4-00 ਵਜੇ ਤੱਕ ਬੈਠਣਗੇ ਅਤੇ ਅਣਮੈਪਡ ਵੋਟਰਾਂ ਨੰੂ ਮੈਪਿੰਗ ਕਰਨਗੇ | ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਿਵੀਜ਼ਨ (ਐੱਸ ਆਈ ਆਰ) ਦੇ ਸਬੰਧ ਵਿੱਚ ਜਿਹੜੇ ਵੋਟਰਾਂ ਦੀ ਮੈਪਿੰਗ ਮੌਜੂਦਾ ਵੋਟਰ ਸੂਚੀ ਨਾਲ ਨਹੀ ਹੋਈ, ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਨੇ ਅਜੇ ਤੱਕ ਆਪਣੀ ਵੋਟ ਨੂੰ ਵੋਟਰ ਸੂਚੀ 2003 ਨਾਲ ਮੈਪਿੰਗ ਨਹੀ ਕਰਵਾਈ, ਉਹ ਇਸ ਸਪੈਸ਼ਲ ਕੈਂਪ ਵਿੱਚ ਪਹੁੰਚ ਕੇ ਬੀ.ਐਲ.ਓਜ਼ ਨਾਲ ਸੰਪਰਕ ਕਰਨ ਅਤੇ ਮੈਪਿੰਗ ਦੇ ਕੰਮ ਨੰੂ 100 ਫ਼ੀਸਦੀ ਮੁਕੰਮਲ ਕਰਨ ਵਿੱਚ ਸਹਿਯੋਗ ਕਰਨ | ਇਸ ਤੋਂ ਇਲਾਵਾ ਉਨ੍ਹਾਂ ਰਾਜਨੀਤਿਕ ਪਾਰਟੀਆਂ ਨੰੂ ਅਪੀਲ ਕਰਦਿਆਂ ਦੱਸਿਆ ਕਿ ਇਸ ਦਫ਼ਤਰ ਵੱਲੋਂ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦੇ ਹਰੇਕ ਪੜਾਅ 'ਤੇ ਰਾਜਨੀਤਿਕ ਪਾਰਟੀਆਂ ਨੂੰ ਸ਼ਾਮਲ ਕੀਤਾ ਜਾਵੇਗਾ, ਸਮੂਹ ਰਾਜਨੀਤਿਕ ਪਾਰਟੀਆਂ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਸਕੇ |