ਭਵਾਨੀਗੜ੍ਹ, 6 ਜੂਨ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਪਟਿਆਲਾ ਵਿਖੇ ਰੋਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਜਬਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਉਨ੍ਹਾਂ ਦੇ ਸੰਘਰਸ਼ ਨੂੰ ਪੂਰੀ ਹਿਮਾਇਤ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਐਸੋਸੀਏਸ਼ਨ ਦੀ ਇੱਕ ਹੰਗਾਮੀ ਮੀਟਿੰਗ ਜਨਰਲ ਸਕੱਤਰ ਕੇਵਲ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਕਿਹਾ ਕਿ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ 'ਤੇ ਜਬਰ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ | ਐਸੋਸੀਏਸ਼ਨ ਦੇ ਸਹਾਇਕ ਸਕੱਤਰ ਸੁਰਿੰਦਰ ਕੁਮਾਰ ਨੇ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਸਰਕਾਰ ਨੂੰ ਬੇਰੁਜ਼ਗਾਰ ਨੌਜਵਾਨਾਂ ਦੀਆਂ ਮੰਗਾਂ ਦਾ ਮਸਲਾ ਗੱਲਬਾਤ ਰਾਹੀਂ ਕਰਨਾ ਚਾਹੀਦਾ ਹੈ, ਨਾ ਕਿ ਪੁਲਿਸ ਬਲ ਦੀ ਵਰਤੋਂ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ | ਇਸ ਮੌਕੇ 'ਤੇ ਉਕਤ ਆਗੂਆਂ ਤੋਂ ਇਲਾਵਾ ਗਿਆਨ ਸਿੰਘ, ਕਰਨੈਲ ਸਿੰਘ, ਗੁਰਮੇਲ ਸਿੰਘ, ਗੁਰਬਚਨ ਸਿੰਘ ਆਦਿ ਨੇ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ |