ਭਵਾਨੀਗੜ੍ਹ 8 ਜੂਨ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਪਿੰਡ ਮਸਾਣੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ, ਪੰਚਾਇਤ ਮੈਂਬਰਾਂ ਅਤੇ ਸਥਾਨਕ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਪਿੰਡ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਡਾ. ਜਵੰਧਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪੀਣ ਵਾਲੇ ਸਾਫ਼ ਪਾਣੀ, ਨਿਕਾਸੀ ਪ੍ਰਬੰਧ, ਲਿੰਕ ਸੜਕਾਂ, ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਦਵਾਈਆਂ ਮਿਲ ਰਹੀਆਂ ਹਨ, ਜਦਕਿ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ | ਡਾ. ਜਵੰਧਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਮਸਾਣੀ ਦੀਆਂ ਜਨਤਕ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਵਾਇਆ ਜਾਵੇਗਾ ਅਤੇ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਸਰਪੰਚ ਮਨਜੀਤ ਸਿੰਘ, ਪੰਚ ਰਣਧੀਰ ਸਿੰਘ, ਸੁਖਦੇਵ ਸਿੰਘ, ਜਗਰੂਪ ਸਿੰਘ, ਕਰਮਜੀਤ ਸਿੰਘ, ਧਰਮਵੀਰ ਸਿੰਘ, ਸਾਬਕਾ ਸਰਪੰਚ ਸੁਖਵਿੰਦਰ ਸਿੰਘ, ਕੁਲਦੀਪ ਸਿੰਘ ਰਾਜਪੁਰਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ |