ਧੂਰੀ, 12 ਜੂਨ (ਸੁਖਵੰਤ ਸਿੰਘ ਭੁੱਲਰ)-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਵਪਾਰ ਲਈ ਹੋਰ ਵਧੀਆ, ਪਾਰਦਰਸ਼ੀ ਅਤੇ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਦੇ ਮੰਤਵ ਨਾਲ ਬਣਾਏ ਗਏ ਪੰਜਾਬ ਰਾਜ ਵਾਪਰੀ ਕਮਿਸ਼ਨ ਦੀ ਹਲਕਾ ਧੂਰੀ ਇਕਾਈ ਵੱਲੋਂ ਅੱਜ ਸਦਰ ਬਾਜ਼ਾਰ ਧੂਰੀ ਵਿਖੇ ਵਪਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ | ਬੈਠਕ ਦੌਰਾਨ ਛੋਟੇ ਅਤੇ ਦਰਮਿਆਨੇ ਵਪਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਆਪਣੇ ਕਾਰੋਬਾਰ ਨਾਲ ਸਬੰਧਿਤ ਮੁੱਦੇ ਅਤੇ ਮੁਸ਼ਕਲਾਂ ਕਮਿਸ਼ਨ ਸਾਹਮਣੇ ਰੱਖੀਆਂ | ਇਸ ਮੌਕੇ ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਵਪਾਰੀਆਂ ਵੱਲੋਂ ਉਠਾਏ ਗਏ ਹਰ ਜਾਇਜ਼ ਮੁੱਦੇ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਪਾਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਆਪਣੇ ਕਾਰੋਬਾਰ ਨੂੰ ਅੱਗੇ ਵਧਾਉਣ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ | ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ, ਕਿਉਂਕਿ ਵਪਾਰਕ ਗਤੀਵਿਧੀਆਂ ਨਾਲ ਨਾ ਸਿਰਫ਼ ਰੁਜ਼ਗਾਰ ਦੇ ਮੌਕੇ ਪੈਦਾ ਹੁੰਦੇ ਹਨ ਸਗੋਂ ਸਰਕਾਰੀ ਮਾਲੀਏ ਵਿੱਚ ਵੀ ਅਹਿਮ ਯੋਗਦਾਨ ਪੈਂਦਾ ਹੈ | ਇਸ ਲਈ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ | ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਾਪਰੀ ਕਮਿਸ਼ਨ ਵਪਾਰੀਆਂ ਅਤੇ ਸਰਕਾਰ ਵਿਚਕਾਰ ਇੱਕ ਅਹਿਮ ਪੁਲ ਵਜੋਂ ਕੰਮ ਕਰ ਰਿਹਾ ਹੈ | ਕਮਿਸ਼ਨ ਵੱਲੋਂ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਜਾ ਕੇ ਵਪਾਰੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਮੀਨੀ ਪੱਧਰ 'ਤੇ ਆਉਣ ਵਾਲੀਆਂ ਸਮੱਸਿਆਵਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ | ਬੈਠਕ ਦੌਰਾਨ ਵਪਾਰੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਅਤੇ ਸੁਝਾਅ ਕਮਿਸ਼ਨ ਦੇ ਧਿਆਨ ਵਿੱਚ ਲਿਆਂਦੇ | ਚੇਅਰਮੈਨ ਨੇ ਭਰੋਸਾ ਦਿਵਾਇਆ ਕਿ ਸਾਰੇ ਸੁਝਾਵਾਂ ਨੂੰ ਸਕਾਰਾਤਮਿਕ ਤਰੀਕੇ ਨਾਲ ਵਿਚਾਰਿਆ ਜਾਵੇਗਾ ਅਤੇ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦਾ ਯੋਗ ਹੱਲ ਕੱਢਣ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ | ਇਸ ਮੌਕੇ ਹਲਕਾ ਧੂਰੀ ਇਕਾਈ ਦੇ ਅਹੁਦੇਦਾਰ, ਵਪਾਰ ਮੰਡਲ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ |