ਸੰਗਰੂਰ, 13 ਜੂਨ (ਧੀਰਜ ਪਸ਼ੌਰੀਆ) - ਪੰਜਾਬ ਕੈਬਨਿਟ ਦੀ ਹੋਈ ਬੈਠਕ ਵਿੱਚ ਲਏ ਗਏ ਫ਼ੈਸਲਿਆਂ ਦੀ ਸ਼ਲਾਘਾ ਕਰਦਿਆਂ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾਕਟਰ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਕਿ ਇਹ ਫ਼ੈਸਲੇ ਸੂਬੇ ਦੇ ਸਰਵਪੱਖੀ ਵਿਕਾਸ, ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਮੀਲ ਪੱਥਰ ਸਾਬਤ ਹੋਣਗੇ | ਡਾ. ਮਿੰਕੂ ਜਵੰਧਾ ਨੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਹੜ੍ਹਾਂ ਦੀ ਰੋਕਥਾਮ ਲਈ ਲਏ ਗਏ ਫ਼ੈਸਲੇ ਨੂੰ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਸੋਚ ਦਾ ਸਭ ਤੋਂ ਵੱਡਾ ਸਬੂਤ ਦੱਸਿਆ | ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮਾਨ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਵਿੱਚ ਉਮਰ ਸੀਮਾ 'ਚ 5 ਸਾਲ ਦੀ ਵੱਡੀ ਛੋਟ ਦਿੰਦਿਆਂ 1,013 ਲੈਕਚਰਾਰਾਂ ਦੀ ਭਰਤੀ ਨੂੰ ਹਰੀ ਝੰਡੀ ਦਿੱਤੀ ਹੈ | ਇਸ ਦੇ ਨਾਲ ਹੀ ਲੋਕ ਨਿਰਮਾਣ ਵਿਭਾਗ ਵਿੱਚ 156 ਜੂਨੀਅਰ ਇੰਜੀਨੀਅਰਾਂ ਦੀ ਸਿੱਧੀ ਨਿਯੁਕਤੀ ਦਾ ਫ਼ੈਸਲਾ ਕੀਤਾ ਗਿਆ ਹੈ | ਡਾ. ਮਿੰਕੂ ਜਵੰਧਾ ਨੇ ਕਿਹਾ ਕਿ ਉਮਰ ਸੀਮਾ ਵਿੱਚ 5 ਸਾਲ ਦੀ ਛੋਟ ਮਿਲਣ ਨਾਲ ਉਨ੍ਹਾਂ ਹਜ਼ਾਰਾਂ ਯੋਗ ਉਮੀਦਵਾਰਾਂ ਨੂੰ ਮੁੜ ਸੁਨਹਿਰੀ ਮੌਕਾ ਮਿਲੇਗਾ ਜੋ ਉਮਰ ਲੰਘਣ ਕਾਰਨ ਨਿਰਾਸ਼ ਹੋ ਚੁੱਕੇ ਸਨ | ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ 1013 ਲੈਕਚਰਾਰਾਂ ਦੀ ਭਰਤੀ ਨਾਲ ਸਰਕਾਰੀ ਸਕੂਲਾਂ ਦਾ ਸਿੱਖਿਆ ਤੰਤਰ ਹੋਰ ਮਜ਼ਬੂਤ ਹੋਵੇਗਾ, ਉੱਥੇ ਹੀ ਦੂਜੇ ਪਾਸੇ 156 ਜੇ.ਈਜ਼ ਦੀ ਸਿੱਧੀ ਭਰਤੀ ਨਾਲ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਆਵੇਗੀ!