ਸੰਗਰੂਰ, 13 ਜੂਨ (ਦਮਨਜੀਤ ਸਿੰਘ) - ਸੰਗਰੂਰ ਦੇ ਸੀਨੀਅਰ ਭਾਜਪਾ ਆਗੂ ਸਤਵੰਤ ਸਿੰਘ ਪੂਨੀਆ ਅਤੇ ਅਮਨਦੀਪ ਸਿੰਘ ਪੂਨੀਆ ਦੀ ਰਿਹਾਇਸ਼ ਗੁਰਦਾਸਪੁਰਾ ਸਥਿਤ ਪੂਨੀਆ ਹਾਊਸ ਵਿਖੇ ਭਾਜਪਾ ਦੇ ਕੌਮੀ ਸਕੱਤਰ ਓਮ ਪ੍ਰਕਾਸ਼ ਧੰਨਖੜ ਦੇ ਨਾਲ ਪੰਜਾਬ ਭਾਜਪਾ ਦੀ ਟੀਮ ਜਿਸ ਵਿਚ ਦਿਆਲ ਸਿੰਘ ਸੋਢੀ ਜਰਨਲ ਸਕੱਤਰ ਪੰਜਾਬ, ਪਰਮਿੰਦਰ ਸਿੰਘ ਬਰਾੜ ਜਰਨਲ ਸਕੱਤਰ ਪੰਜਾਬ ਅਤੇ ਓਾਕਾਰ ਸਿੰਘ ਸਿੱਧੂ ਹਲਕਾ ਧੂਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਓਮ ਪ੍ਰਕਾਸ਼ ਧੰਨਖੜ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਮਜ਼ਬੂਤੀ ਨਾਲ ਉਤਰ ਰਹੀ ਹੈ | ਆਉਂਦੀ ਆ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਜ਼ਬਰਦਸਤ ਪ੍ਰਦਰਸ਼ਨ ਕਰੇਗੀ ਅਤੇ ਇਕੱਲੇ ਤੌਰ 'ਤੇ ਸਰਕਾਰ ਬਣਾਏਗੀ | ਸ਼੍ਰੀ ਦਿਨਕਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦਾ ਕੁੱਝ ਨਹੀਂ ਸੰਵਾਰਿਆ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਜਿਹੜੀਆਂ ਗਰੰਟੀਆਂ ਦਿੱਤੀਆਂ ਗਈਆਂ ਸਨ ਉਨ੍ਹਾਂ ਵਿੱਚੋਂ ਇੱਕ ਵੀ ਪੂਰੀ ਨਹੀਂ ਹੋਈ | ਪੰਜਾਬ ਦੇ ਲੋਕ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣਗੇ | ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਭਾਜਪਾ ਵਿੱਚ ਬਣ ਚੁੱਕਿਆ ਹੈ ਅਤੇ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਵੱਡੇ ਪੱਧਰ 'ਤੇ ਪ੍ਰਭਾਵਿਤ ਹਨ | ਆਉਂਦਿਆਂ ਚੋਣਾਂ ਵਿੱਚ ਭਾਜਪਾ ਪੰਜਾਬ ਵਿੱਚ ਹੈਰਾਨੀਜਨਕ ਪ੍ਰਦਰਸ਼ਨ ਕਰੇਗੀ | ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਤਾਪ ਸਿੰਘ ਢਿੱਲੋਂ, ਭੁਪਿੰਦਰ ਸਿੰਘ ਬਖਤੜਾ ਅਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ | ਇਸ ਮੌਕੇ ਪੂਨੀਆ ਪਰਿਵਾਰ ਵੱਲੋਂ ਭਾਜਪਾ ਦੇ ਸੀਨੀਅਰ ਆਗੂਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ |