ਧੂਰੀ, 14 ਜੂਨ (ਸੰਜੇ ਲਹਿਰੀ) - ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਧੂਰੀ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਤੋਂ ਵਿਸ਼ੇਸ਼ ਜਾਗਰੂਕਤਾ ਵਾਹਨਾਂ ਨੂੰ ਰਵਾਨਾ ਕੀਤਾ ਗਿਆ | ਇਨ੍ਹਾਂ ਵਾਹਨਾਂ ਵਿੱਚ ਵਿਸ਼ੇਸ਼ ਸ਼ਿਕਾਇਤ ਬਾਕਸ ਲਗਾਏ ਗਏ ਹਨ, ਜਿਨ੍ਹਾਂ ਰਾਹੀਂ ਆਮ ਲੋਕ ਨਸ਼ਾ ਤਸਕਰੀ ਨਾਲ ਸਬੰਧਿਤ ਗੁਪਤ ਜਾਣਕਾਰੀ ਅਤੇ ਨਸ਼ੇ ਦੀ ਲਤ ਨਾਲ ਪੀੜਤ ਵਿਅਕਤੀਆਂ ਸਬੰਧੀ ਵੇਰਵੇ ਸਾਂਝੇ ਕਰ ਸਕਣਗੇ | ਇਸ ਮੌਕੇ ਜਾਗਰੂਕਤਾ ਵਾਹਨਾਂ ਨੂੰ ਝੰਡੀ ਦਿੰਦਿਆਂ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਅਤੇ ਮੁੱਖ ਮੰਤਰੀ ਸਹਾਇਤਾ ਕੇਂਦਰ ਦੇ ਦਫ਼ਤਰ ਇੰਚਾਰਜ ਰਾਜਵੰਤ ਸਿੰਘ ਘੁੱਲੀ ਅਤੇ ਯੁੱਧ ਨਸ਼ਿਆਂ ਵਿਰੁੱਧ ਦੇ ਹਲਕਾ ਕੁਆਰਡੀਨੇਟਰ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਦਿ੍ੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਆਪਣੇ ਪਿੰਡ ਜਾਂ ਇਲਾਕੇ ਵਿੱਚ ਨਸ਼ਾ ਤਸਕਰੀ ਬਾਰੇ ਕੋਈ ਜਾਣਕਾਰੀ ਹੈ ਉਹ ਆਪਣੀ ਪਛਾਣ ਜਨਤਕ ਨਹੀਂ ਕਰਨਾ ਚਾਹੁੰਦਾ ਤਾਂ ਉਹ ਸ਼ਿਕਾਇਤ ਬਾਕਸ ਵਿੱਚ ਲਿਖਤੀ ਰੂਪ ਵਿੱਚ ਸੂਚਨਾ ਦੇ ਸਕਦਾ ਹੈ | ਸੂਚਨਾ ਦੇਣ ਵਾਲੇ ਦੀ ਪਛਾਣ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੇ ਮੈਂਬਰ ਨਸ਼ੇ ਦੀ ਲਤ ਦਾ ਸ਼ਿਕਾਰ ਹਨ, ਉਹ ਵੀ ਆਪਣੀ ਜਾਣਕਾਰੀ ਸਾਂਝੀ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਅਧੀਨ ਮੁਫ਼ਤ ਇਲਾਜ ਅਤੇ ਪੁਨਰਵਾਸ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ | ਇਸ ਮੌਕੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਹਲਕਾ ਵਾਈਸ ਕੋਆਰਡੀਨੇਟਰ ਹਰਪ੍ਰੀਤ ਸਿੰਘ ਗਿੱਲ, ਬਲਾਕ ਕੋਆਰਡੀਨੇਟਰ ਗੌਰਵ ਸ਼ਰਮਾ, ਡਾਇਰੈਕਟਰ ਅਨਿਲ ਮਿੱਤਲ, ਮਨਜੀਤ ਸ਼ਰਮਾ, ਹਰਵਿੰਦਰ ਸਿੰਘ, ਕੌਂਸਲਰ ਰਜੀਵ ਵਰਮਾ, ਅਸ਼ਵਨੀ ਧੀਰ, ਮਨੀਸ਼ ਕੁਮਾਰ, ਭੁਪਿੰਦਰ ਸਿੰਘ, ਆਦਿ ਹਾਜ਼ਰ ਸਨ |