ਮਲੇਰਕੋਟਲਾ, 15 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਸੂਬਾ ਸਰਕਾਰ ਦੀ ਲੋਕ-ਭਲਾਈ ਤੇ ਮਹਿਲਾ ਸਸ਼ਕਤੀਕਰਨ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਦੇਣ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ' ਦੇ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਲਾਗੂ ਕਰਨ ਲਈ ਜ਼ਿਲ੍ਹਾ ਮਲੇਰਕੋਟਲਾ ਵਿੱਚ ਸਿਖਲਾਈ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ ਹੈ | ਇਨ੍ਹਾਂ ਕੈਂਪਾਂ ਰਾਹੀਂ ਯੋਜਨਾ ਨਾਲ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਸਮੇਂ ਸਿਰ ਪਹੁੰਚਾਇਆ ਜਾ ਸਕੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਟਰੇਨਿੰਗ ਸੈਸ਼ਨ ਆਯੋਜਿਤ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਿਖਲਾਈ ਦੌਰਾਨ ਭਾਗੀਦਾਰਾਂ ਨੂੰ ਯੋਜਨਾ ਦੇ ਉਦੇਸ਼ਾਂ, ਯੋਗਤਾ ਮਾਪਦੰਡਾਂ, ਲਾਭਪਾਤਰੀਆਂ ਦੀ ਰਜਿਸਟਰੇਸ਼ਨ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ਾਂ, ਆਨਲਾਈਨ ਅਰਜ਼ੀ ਵਿਧੀ ਤੇ ਵਿੱਤੀ ਸਹਾਇਤਾ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ | ਗਿੱਲ ਨੇ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਤੇ ਧੀਆਂ ਦੇ ਆਰਥਿਕ ਸਸ਼ਕਤੀਕਰਨ, ਸਮਾਜਿਕ ਸੁਰੱਖਿਆ ਤੇ ਸਨਮਾਨ ਨੂੰ ਯਕੀਨੀ ਬਣਾਉਣ ਵੱਲ ਪੰਜਾਬ ਸਰਕਾਰ ਦਾ ਇੱਕ ਦੂਰਅੰਦੇਸ਼ੀ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਯੋਜਨਾ ਦਾ ਲਾਭ ਕਿਸੇ ਵੀ ਯੋਗ ਮਹਿਲਾ ਤੋਂ ਵਾਂਝਾ ਨਾ ਰਹੇ | ਇਸ ਮੌਕੇ ਕਈ ਅਧਿਕਾਰੀ ਹਾਜ਼ਰ ਸਨ |