ਮਾਲੇਰਕੋਟਲਾ, 22 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਅੱਜ ਵਿਧਾਇਕ ਮਾਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੇ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਉਨ੍ਹਾਂ ਪਾਰਟੀ ਵਰਕਰਾਂ ਤੇ ਆਮ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣੇ। ਇਸ ਦੌਰਾਨ ਉਨ੍ਹਾਂ ਹਲਕੇ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ । ਇਸ ਦੌਰਾਨ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦੀ ਧਰਮ ਪਤਨੀ ਫਰਿਆਲ ਰਹਿਮਾਨ ਵੀ ਹਾਜ਼ਰ ਰਹੇ । ਮਾਤਾ ਹਰਪਾਲ ਕੌਰ ਨੇ ਕਿਹਾ ਕਿ ਪਾਰਟੀ ਵਰਕਰ ਸੰਗਠਨ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਤੇ ਉਨ੍ਹਾਂ ਦੇ ਸੁਝਾਅ ਸਰਕਾਰ ਦੀਆਂ ਨੀਤੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ । ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਹਿਤ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸਰਕਾਰੀ ਤੇ ਇੰਪੈਨਲਡ ਹਸਪਤਾਲਾਂ ’ਚ ਮੁਹੱਈਆ ਕਰਵਾਇਆ ਜਾ ਰਿਹਾ ਹੈ । ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਲੋਕਾਂ ਦੇ ਸਹਿਯੋਗ ਦੀ ਅਪੀਲ ਕੀਤੀ । ਉਨ੍ਹਾਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ । ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਮਾਤਾ ਹਰਪਾਲ ਕੌਰ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਦਾ ਲਾਭ ਹਲਕੇ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਮਾਲੇਰਕੋਟਲਾ ਜਾਫ਼ਰ ਅਲੀ, ਪੀਏ ਸਰਪੰਚ ਗੁਰਮੁਖ ਸਿੰਘ ਖਾਨਪੁਰ, ਬਲਾਕ ਸੰਮਤੀ ਚੇਅਰਮੈਨ ਸੰਤੋਖ ਸਿੰਘ, ਬਲਾਕ ਪ੍ਰਧਾਨ ਹਲੀਮ, ਬਲਾਕ ਪ੍ਰਧਾਨ ਚਰਨਜੀਤ ਸਿੰਘ ਚੀਮਾ, ਸੋਸਲ ਮੀਡੀਆ ਇੰਚਾਰਜ ਮਾਲੇਰਕੋਟਲਾ ਯਾਸਰ ਅਰਫ਼ਾਤ, ਯਾਸੀਨ ਨੇਸਤੀ ਸਣੇ ‘ਆਪ’ ਵਰਕਰ ਹਾਜ਼ਰ ਸਨ ।