ਲੌਂਗੋਵਾਲ, 29 ਜੂਨ (ਸ,ਸ,ਖੰਨਾ ,ਵਿਨੋਦ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ, ਸੰਗਰੂਰ ਦੀ ਅਗਵਾਈ ਲੌਂਗੋਵਾਲ ਵਿਖੇ ਸੂਬਾ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਟੀਮਾਂ ਵੱਲੋਂ ਕੀਟਨਾਸ਼ਕਾਂ ਅਤੇ ਖਾਦ ਵਿਕਰੇਤਾਵਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ ਹੈ। ਇਸ ਮੌਕੇ ਵੱਖ-ਵੱਖ ਕੀਟਨਾਸ਼ਕ ਅਤੇ ਖਾਦ ਵਿਕਰੇਤਾ ਦੁਕਾਨਾਂ ਦੀ ਜਾਂਚ ਕਰਕੇ ਉਨ੍ਹਾਂ ਦੇ ਲਾਇਸੈਂਸ, ਸਟਾਕ ਰਜਿਸਟਰ, ਬਿਲਾਂ ਅਤੇ ਵਿਕਰੀ ਨਾਲ ਸਬੰਧਤ ਰਿਕਾਰਡ ਦੀ ਪੜਤਾਲ ਕੀਤੀ ਗਈ। ਦੁਕਾਨਦਾਰਾਂ ਵਲੋਂ ਕੀਟਨਾਸ਼ਕ ਐਕਟ, ਖਾਦ (ਨਿਯੰਤਰਣ) ਆਦੇਸ਼ ਅਤੇ ਹੋਰ ਸਬੰਧਤ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਦਿੱਤੀ ਗਈ। ਜਾਂਚ ਦੌਰਾਨ ਖਾਦਾਂ ਅਤੇ ਕੀਟਨਾਸ਼ਕਾਂ ਦੀ ਗੁਣਵੱਤਾ ਦੀ ਜਾਂਚ ਲਈ ਲੋੜ ਅਨੁਸਾਰ ਨਮੂਨੇ ਇਕੱਠੇ ਕੀਤੇ ਗਏ ਹਨ ਉਕਤ ਨਮੂਨਿਆਂ ਨੂੰ ਵਿਸ਼ਲੇਸ਼ਣ ਲਈ ਮਾਨਤਾ ਪ੍ਰਾਪਤ ਟੈਸਟਿੰਗ ਲੈਬਾਰਟਰੀਆਂ ਵਿੱਚ ਭੇਜਿਆ ਗਿਆ ਹੈ। ਇਹ ਵੀ ਭਰੋਸਾ ਦਿਵਾਇਆ ਗਿਆ ਕਿ ਜੇਕਰ ਕੋਈ ਵੀ ਨਮੂਨਾ ਗੈਰ-ਮਿਆਰੀ ਪਾਇਆ ਜਾਂਦਾ ਹੈ, ਤਾਂ ਸਬੰਧਤ ਦੁਕਾਨਦਾਰ ਵਿਰੁੱਧ ਐਕਟ ਦੇ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿੱਚ ਨਿਰੰਤਰ ਜਾਰੀ ਰਹਿਣਗੀਆਂ।