ਲਹਿਰਾਗਾਗਾ, 29 ਜੂਨ (ਅਸ਼ੋਕ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਰਾਮਫਲ ਸਿੰਘ ਜਲੂਰ ਨੇ ਪੰਜਾਬ ਸਰਕਾਰ ‘ਤੇ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹਿਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੇ ਮਾੜੇ ਪ੍ਰਬੰਧਾਂ ਕਾਰਨ ਸੂਬੇ ਵਿੱਚ ਝੋਨੇ ਦੀ ਬਿਜਾਈ ਪਛੜ ਸਕਦੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤਾਂ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਅਸਲ ਹਾਲਾਤ ਇਹ ਹਨ ਕਿ ਕਈ ਇਲਾਕਿਆਂ ਵਿੱਚ ਕਿਸਾਨਾਂ ਨੂੰ ਸਿਰਫ਼ ਤਿੰਨ ਤੋਂ ਪੰਜ ਘੰਟੇ ਹੀ ਬਿਜਲੀ ਮਿਲ ਰਹੀ ਹੈ। ਇਸ ਕਾਰਨ ਜਿੱਥੇ ਪਹਿਲਾਂ ਲਗੇ ਝੋਨੇ ਦੀ ਫਸਲ ਨੂੰ ਨੁਕਸਾਨ ਪਹੁੰਚਣ ਦਾ ਖਤਰਾ ਬਣ ਗਿਆ ਹੈ, ਉੱਥੇ ਹੀ ਨਵੀਂ ਬਿਜਾਈ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ।ਰਾਮਫਲ ਜਲੂਰ ਨੇ ਕਿਹਾ ਕਿ ਸਮੇਂ ਸਿਰ ਲਵਾਈ ਨਾ ਹੋਣ ਕਾਰਨ ਝੋਨੇ ਦੀ ਪਨੀਰੀ ਵੱਧ ਪੱਕ ਰਹੀ ਹੈ, ਜਿਸ ਨਾਲ ਉਸ ਦੀ ਗੁਣਵੱਤਾ ਅਤੇ ਪੈਦਾਵਾਰ ‘ਤੇ ਵੀ ਮਾੜਾ ਅਸਰ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹੀ ਸਥਿਤੀ ਬਣੀ ਰਹੀ ਤਾਂ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਵੇਗਾ।ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਸੂਬੇ ਭਰ ਵਿੱਚ ਕਿਸਾਨ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋ ਰਹੇ ਹਨ। ਬੀਤੇ ਦੋ ਦਿਨਾਂ ਤੋਂ ਵੱਖ-ਵੱਖ ਇਲਾਕਿਆਂ ਵਿੱਚ ਕਿਸਾਨਾਂ ਵੱਲੋਂ ਬਿਜਲੀ ਦਫ਼ਤਰਾਂ ਦਾ ਘਿਰਾਓ, ਗਰਿੱਡਾਂ ਅੱਗੇ ਧਰਨੇ ਅਤੇ ਸੜਕਾਂ ‘ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਖੇਤੀ ਲਈ ਬਿਜਲੀ ਸਪਲਾਈ ਦੇ ਪੁਖ਼ਤਾ ਪ੍ਰਬੰਧ ਤੁਰੰਤ ਨਾ ਕੀਤੇ ਗਏ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੀ ਹੋਵੇਗੀ। ਇਸ ਮੌਕੇ ਬਲਾਕ ਆਗੂ ਮਨਿੰਦਰ ਸਿੰਘ ਲਦਾਲ, ਬਿੰਦਰ ਸਿੰਘ ਲੇਹਲ ਕਲਾਂ, ਮਨਜੀਤ ਸਿੰਘ ਖਾਈ, ਮਨਪ੍ਰੀਤ ਸਿੰਘ ਗਾਗਾ, ਗੁਰਦੀਪ ਸਿੰਘ ਜਲੂਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।