ਲੌਂਗੋਵਾਲ, 30 ਜੂਨ (ਵਿਨੋਦ, ਖੰਨਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ, ਕੈਂਬੋਵਾਲ ਸਾਹਿਬ (ਲੌਂਗੋਵਾਲ) ਵਿੱਚ ਸੈਸ਼ਨ 2026-27 ਤੋਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ । ਕਾਲਜ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਸਿਖਲਾਈ ਸੀ.ਸੀ.ਐਲ.ਪੀ. ਸਕੀਮ ਤਹਿਤ ਦਿੱਤੀ ਜਾਵੇਗੀ । ਇਸ ਯੋਜਨਾ ’ਚ 60 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਡਾਇਰੈਕਟਰ ਆਫ ਐਜੂਕੇਸ਼ਨ ਦਫ਼ਤਰ ਪਟਿਆਲਾ ਦੇ ਸਹਿਯੋਗ ਨਾਲ ਟੈਗੋਰ ਆਈ.ਏ.ਐਸ. ਅਕੈਡਮੀ ਚੰਡੀਗੜ੍ਹ ਨਾਲ ਸਮਝੌਤੇ ਤਹਿਤ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਧੀਆ ਮਾਰਗਦਰਸ਼ਨ ਮਿਲੇਗਾ । ਪ੍ਰਿੰਸੀਪਲ ਡਾ. ਧਾਲੀਵਾਲ ਨੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿਦਿਆ ਸੁਖਮਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਇਹ ਬਹੁਤ ਹੀ ਸ਼ਲਾਘਾਯੋਗ ਅਤੇ ਲਾਭਦਾਇਕ ਕਦਮ ਹੈ।