ਮਾਲੇਰਕੋਟਲਾ, 3 ਜੁਲਾਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮਾਲੇਰਕੋਟਲਾ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐੱਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਪ੍ਰਕਿਰਿਆ ਨੂੰ ਹੋਰ ਸੁਚਾਰੂ ਤੇ ਨਾਗਰਿਕਾਂ ਲਈ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 30 ਸਤੰਬਰ ਤੱਕ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਤੇ ਸਹੂਲਤ ਖ਼ਰਚੇ ਮੁਆਫ਼ ਕਰ ਦਿੱਤੇ ਗਏ ਹਨ । ਇਸ ਫ਼ੈਸਲੇ ਦਾ ਉਦੇਸ਼ ਨਾਗਰਿਕਾਂ ਨੂੰ ਲੋੜੀਂਦੇ ਦਸਤਾਵੇਜ਼ ਬਿਨਾਂ ਕਿਸੇ ਵਿੱਤੀ ਬੋਝ ਦੇ ਪ੍ਰਾਪਤ ਕਰਵਾਉਣਾ ਤੇ ਐਸ.ਆਈ.ਆਰ. ਦੀ ਪ੍ਰਕਿਰਿਆ ਨੂੰ ਨਿਰਧਾਰਿਤ ਸਮੇਂ ਅੰਦਰ ਨਿਰਵਿਘਨ ਢੰਗ ਨਾਲ ਮੁਕੰਮਲ ਕਰਨਾ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੌਰਾਨ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੂੰ ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਜਨਮ ਸਰਟੀਫਿਕੇਟ ਤੇ ਵਿੱਦਿਅਕ ਸਰਟੀਫਿਕੇਟ ਵਰਗੇ ਦਸਤਾਵੇਜ਼ ਸਬੰਧਤ ਅਧਿਕਾਰੀਆਂ ਕੋਲ ਜਮ੍ਹਾਂ ਕਰਵਾਉਣ ਦੀ ਲੋੜ ਪੈਂਦੀ ਹੈ । ਇਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇਨ੍ਹਾਂ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਤੇ ਸਹੂਲਤ ਖ਼ਰਚਿਆਂ ਵਿੱਚ 30 ਸਤੰਬਰ ਤੱਕ ਪੂਰੀ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ, ਤਾਂ ਜੋ ਕਿਸੇ ਵੀ ਨਾਗਰਿਕ ਨੂੰ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਵਿੱਚ ਆਰਥਿਕ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਦੱਸਿਆ ਕਿ ਇਸ ਛੋਟ ਦੇ ਦਾਇਰੇ ਵਿੱਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਜਨਮ ਸਰਟੀਫਿਕੇਟ, ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਡੁਪਲੀਕੇਟ ਸਰਟੀਫਿਕੇਟ ਜਾਰੀ ਕਰਨ ਵਰਗੀਆਂ ਪ੍ਰਮੁੱਖ ਸੇਵਾਵਾਂ ਸ਼ਾਮਲ ਹਨ। ਇਹ ਸਹੂਲਤ ਸੇਵਾ ਕੇਂਦਰਾਂ, ‘ਘਰ ਦੇ ਨੇੜੇ’ ਸੇਵਾਵਾਂ ਅਤੇ ਆਨਲਾਈਨ ਨਾਗਰਿਕ ਸੇਵਾਵਾਂ ਪੋਰਟਲ ਰਾਹੀਂ 30 ਸਤੰਬਰ ਤੱਕ ਉਪਲੱਬਧ ਰਹੇਗੀ । ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੇ ਨਿਰਦੇਸ਼ ਸਾਰੇ ਸਬੰਧਤ ਵਿਭਾਗਾਂ ਨੂੰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।