ਸੁਨਾਮ ਊਧਮ ਸਿੰਘ ਵਾਲਾ, 4 ਜੁਲਾਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ)-ਪ੍ਰਾਈਮਰੀ ਖੇਤੀਬਾੜੀ ਵਿਕਾਸ ਬੈਂਕ ਸੁਨਾਮ ਅੱਗੇ 55 ਦਿਨਾਂ ਤੋਂ ਲੱਗੇ ਪੱਕੇ ਮੋਰਚੇ ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਪੰਜਾਬ ਸਰਕਾਰ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੀਆਂ ਸੋਧਾਂ ਮਗਰੋਂ ਆਈ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਕਿਸਾਨ ਜਥੇਬੰਦੀ ਚੌਕਸ ਹੋ ਗਈ ਹੈ। ਬੀਕੇਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਸਰਕਾਰ ਨੂੰ ਸਖ਼ਤ ਲਹਿਜ਼ੇ ’ਚ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਮਰਜ਼ੀ ਤੋਂ ਬਿਨਾਂ ਇੱਕ ਇੰਚ ਜ਼ਮੀਨ ਵੀ ਜਬਰੀ ਐਕਵਾਇਰ ਨਹੀਂ ਹੋਣ ਦਿਆਂਗੇ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ’ਚ ਸੋਧਾਂ ਦੇ ਨਾਂ ਹੇਠ ਕਿਸਾਨਾਂ ਨੂੰ ਭਰਮ ਜਾਲ ’ਚ ਫਸਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਕਿਸਾਨ ਆਗੂ ਚੱਠਾ ਨੇ ਕਿਹਾ ਕਿ ਉਹ ਕਿਸਾਨਾਂ ਦੇ ਪੁਰਖਿਆਂ ਦੀਆਂ ਜ਼ਮੀਨਾਂ ਕਿਸੇ ਵੀ ਕੀਮਤ ’ਤੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਨਹੀਂ ਕਰਨ ਦੇਣਗੇ। ਇਹ ਜ਼ਮੀਨਾਂ ਨਹੀਂ ਬਲਕਿ ਕਿਸਾਨਾਂ ਦਾ ਖ਼ੂਨ -ਸੀਨਾ ਹੈ ਤੇ ਪੁਰਖਿਆਂ ਦੀ ਨਿਸ਼ਾਨੀ ਹੈ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਕਿਸਾਨਾਂ ਦੀਆਂ ਅੱਖਾਂ ’ਚ ਘੱਟਾ ਪਾਉਣ ਦੀ ਕੋਸ਼ਿਸ਼ ਵਿੱਚ ਹੈ। ਸੋਧਾਂ ਦੇ ਨਾਂ ਹੇਠ ਜ਼ਮੀਨ ਬਦਲੇ ਮਿਲਣ ਵਾਲੇ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦੇ ਖੇਤਰ ਵਿੱਚ ਮਾਮੂਲੀ ਬਦਲਾਅ ਕੀਤੇ ਗਏ ਹਨ। ਚੱਠਾ ਦਾ ਕਹਿਣਾ ਹੈ ਕਿ ਪਹਿਲਾਂ ਕਿਸਾਨਾਂ ਦੇ ਵਿਰੋਧ ਵਜੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਸੀ। ਹੁਣ ਸਰਕਾਰ ਮੁੜ ਕੁਝ ਵਰਗ ਗਜ਼ਾਂ ਦਾ ਟੁਕੜਾ ਸੁੱਟ ਕੇ ਕਿਸਾਨਾਂ ਦੀਆਂ ਕੀਮਤੀ ਜ਼ਮੀਨਾਂ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਕਿਸਾਨ ਆਗੂ ਚੱਠਾ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਕਾਰਵਾਈ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰਾਂ ਕਾਰਪੋਰੇਟ ਘਰਾਣਿਆਂ ਦੀਆਂ ਕਠਪੁਤਲੀਆਂ ਹਨ ਅਤੇ ਕਾਰਪੋਰੇਟ ਘਰਾਣਿਆਂ ਦੀ ਨਜ਼ਰ ਹੁਣ ਖੇਤੀ ਸੈਕਟਰ ’ਤੇ ਹੈ ਕਿਉਂਕਿ ਇਹ ਘਰਾਣੇ ਖੇਤੀ ’ਚੋਂ ਕਿਸਾਨ ਨੂੰ ਬਾਹਰ ਕਰ ਕੇ ਸਮੁੱਚੇ ਖੇਤੀ ਸਿਸਟਮ ਦਾ ਕੰਟਰੋਲ ਆਪਣੇ ਹੱਥਾਂ ’ਚ ਲੈਣਾ ਚਾਹੁੰਦੇ ਹਨ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਾਰਪੋਰੇਟ ਘਰਾਣਿਆਂ ਦੀ ਮਨਸ਼ਾ ਨੂੰ ਪੰਜਾਬ ਦਾ ਕਿਸਾਨ ਕਦੇ ਪੂਰਾ ਨਹੀਂ ਹੋਣ ਦੇਵੇਗਾ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਲੈਂਡ ਪੂਲਿੰਗ ਨੀਤੀ ਦੀ ਨਿੰਦਾ ਕਰਦਿਆਂ ਸਰਕਾਰ ਨੂੰ ਤੁਰੰਤ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ, ਨਹੀਂ ਤਾਂ ਸਰਕਾਰ ਦੇ ਵਿਰੁੱਧ ਜ਼ਬਰਦਸਤ ਸੰਘਰਸ਼ ਛੇੜਨ ਦੀ ਵੀ ਚਿਤਾਵਨੀ ਦਿੱਤੀ। ਇਸ ਮੌਕੇ ਕੇਵਲ ਸਿੰਘ ਜਵੰਧਾਂ, ਕਸ਼ਮੀਰ ਸਿੰਘ ਉਗਰਾਹਾਂ, ਗੁਰਦੇਵ ਸਿੰਘ ਖਡਿਆਲ, ਮਦਨ ਦਾਸ ਮਹਿਲਾ, ਗੁਰਮੇਲ ਸਿੰਘ ਸ਼ਾਹਪੁਰ ਕਲਾਂ, ਹਰਜਿੰਦਰ ਸਿੰਘ ਮਹਿਲਾ,ਨਾਇਬ ਸਿੰਘ ਜਖੇਪਲ, ਭਗਵੰਤ ਸਿੰਘ ਮੈਦੇਵਾਸ, ਭੋਲਾ ਸਿੰਘ ਚੱਠਾ, ਦਰਸ਼ਨ ਸਿੰਘ ਮਹਿਲਾ, ਅਜੈਬ ਸਿੰਘ ਜਖੇਪਲ, ਰਣਧੀਰ ਸਿੰਘ ਨਮੋਲ, ਜੀਤ ਸਿੰਘ ਗੰਢੂਆਂ, ਬਲਦੇਵ ਸਿੰਘ ਮਹਿਲਾ, ਜਸਵੰਤ ਸਿੰਘ ਖਡਿਆਲ,ਮਿਸਰਾ ਸਿੰਘ ਮੈਦੇਵਾਸ, ਗੁਰਤੇਜ ਸਿੰਘ ਉਗਰਾਹਾਂ,ਕਾਲਾ ਸਿੰਘ ਉਗਰਾਹਾਂ ਆਦਿ ਹਾਜ਼ਰ ਸਨ।