ਚੀਮਾ ਮੰਡੀ, 5 ਜੁਲਾਈ (ਗੁਰਜੀਤ ਸਿੰਘ ਚਹਿਲ) - ਵਾਤਾਵਰਨ ਸੰਭਾਲ ਅਤੇ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ‘ਪੰਜਾਬ ਫਾਇਡੇਸ਼ਨ’ ਅਤੇ ‘ਫੈਡਰੇਸ਼ਨ ਆਫ ਸਕੂਲ ਐਜੂਕੇਸ਼ਨ ਪੰਜਾਬ’ ਵੱਲੋਂ ਸਾਝੇ ਰੂਪ ਚ ‘ਮਿਸ਼ਨ ਹਰਿਆਲੀ-2026’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮਿਸ਼ਨ ਤਹਿਤ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਵਲੋਂ 10 ਤੋਂ 12 ਲੱਖ ਮੁਫ਼ਤ ਬੂਟੇ ਲਗਾਉਣ ਦਾ ਬੀੜਾ ਚੁੱਕਿਆ ਗਿਆ ਹੈ । ਫੈਡਰੇਸ਼ਨ ਦੇ ਮੈਂਬਰ ਕੁਲਵਿੰਦਰ ਸਿੰਘ ਚਹਿਲ ਚੇਅਰਮੈਨ ਸ਼ਹੀਦ ਉਧਮ ਸਿੰਘ ਅਕੈਡਮੀ ਸਤੌਜ ਨੇ ਦੱਸਿਆ ਕਿ ਇਹ ਯੋਜਨਾ ਸਿਰਫ਼ ਬੂਟੇ ਲਗਾਉਣ ਤੱਕ ਸੀਮਿਤ ਨਹੀਂ ਸਗੋਂ ਵਿਦਿਆਰਥੀਆਂ ‘ਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਅਤੇ ਬੂਟਿਆਂ ਦੀ ਸੰਭਾਲ ਲਈ ਵੀ ਪ੍ਰੇਰਿਤ ਕਰੇਗੀ। ਉਨ੍ਹਾਂ ਦੱਸਿਆ ਕਿ ਬੂਟਿਆਂ ਦੀ ਚੰਗੀ ਸੰਭਾਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ । ਉਨ੍ਹਾਂ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾ ਕੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ।