ਮਹਿਲ ਕਲਾਂ, 8 ਜੁਲਾਈ (ਅਵਤਾਰ ਸਿੰਘ ਅਣਖੀ)-ਭਖਦੀਆਂ ਹੱਕੀ ਮੰਗਾਂ ਨੂੰ ਲੈ ਕੇ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਚੱਲ ਰਹੀ ਕਲਮ ਛੋੜ ਹੜਤਾਲ ਅੱਜ ਲਗਾਤਾਰ ਜਾਰੀ ਹੈ। ਇਹ ਜਾਣਕਾਰੀ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਬੂਟਾ ਸਿੰਘ ਨੇ ਦਿੱਤੀ। ਮੁਲਾਜ਼ਮਾਂ ਨੇ ਸਮੁੱਚੇ ਦਫ਼ਤਰੀ ਕੰਮਕਾਜ ਦਾ ਮੁਕੰਮਲ ਬਾਈਕਾਟ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਬੂਟਾ ਸਿੰਘ, ਏ.ਪੀ.ਓ. ਰਮਨਦੀਪ ਕੌਰ, ਜੇ.ਈ. ਇੰਦਰਜੀਤ ਸਿੰਘ, ਗ੍ਰਾਮ ਸੇਵਕ ਕੁਲਦੀਪ ਸਿੰਘ, ਮਹਿੰਦਰ ਸਿੰਘ ਰਾਏਸਰ, ਰਣਜੀਤ ਸਿੰਘ ਚੁਹਾਣਕੇ, ਮਹਿੰਦਰ ਸਿੰਘ ਮਹਿਲ ਕਲਾਂ ਆਦਿ ਨੇ ਕਿਹਾ ਕਿ ਸਰਕਾਰ ਨਾਲ ਹੋਈ ਉੱਚ ਪੱਧਰੀ ਮੀਟਿੰਗ ਵੀ ਕਿਸੇ ਠੋਸ ਨਤੀਜੇ ’ਤੇ ਨਹੀਂ ਪਹੁੰਚੀ। ਉਨ੍ਹਾਂ ਕਿਹਾ ਕਿ ਵਿਭਾਗ ਵਿਚ ਮਰਜ਼ ਕਰਨ ਦੀ ਮੁੱਖ ਮੰਗ ’ਤੇ ਸਰਕਾਰ ਵਲੋਂ ਕੋਈ ਫ਼ੈਸਲਾ ਨਹੀਂ ਲਿਆ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਨਿਰਾਸ਼ਾ ਹੈ। ਆਗੂਆਂ ਨੇ ਦੱਸਿਆ ਕਿ ਮਨਰੇਗਾ ਮੁਲਾਜ਼ਮ ਪਿਛਲੇ ਸਾਲਾਂ ਤੋਂ ਪੇਂਡੂ ਵਿਕਾਸ ਦੇ ਕੰਮਾਂ ਵਿਚ ਸੇਵਾਵਾਂ ਨਿਭਾ ਰਹੇ ਹਨ, ਪਰ ਅਜੇ ਤੱਕ ਨਾ ਤਾਂ ਉਨ੍ਹਾਂ ਨੂੰ ਪੱਕਾ ਕੀਤਾ ਗਿਆ ਹੈ ਅਤੇ ਨਾ ਹੀ ਅੱਠ ਮਹੀਨਿਆਂ ਤੋਂ ਰੁਕੀ ਤਨਖ਼ਾਹ ਜਾਰੀ ਕੀਤੀ ਗਈ ਹੈ। ਇਸ ਕਾਰਨ ਸੈਂਕੜੇ ਪਰਿਵਾਰ ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਸੂਬਾ ਪੱਧਰ ’ਤੇ ਸਰਕਾਰ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਮੰਗਾਂ ’ਤੇ ਸਹਿਮਤੀ ਨਾ ਬਣਨ ਕਾਰਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਮਰਜ਼, ਰੈਗੂਲਰ ਕਰਨ ਅਤੇ ਬਕਾਇਆ ਤਨਖ਼ਾਹਾਂ ਸਬੰਧੀ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਕਲਮ ਛੋੜ ਹੜਤਾਲ ਅਤੇ ਦਫ਼ਤਰੀ ਕੰਮਕਾਜ ਦਾ ਬਾਈਕਾਟ ਜਾਰੀ ਰਹੇਗਾ। ਯੂਨੀਅਨ ਨੇ ਐਲਾਨ ਕੀਤਾ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 10 ਜੁਲਾਈ ਨੂੰ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਦ ਕਿ 15 ਜੁਲਾਈ ਨੂੰ ਖੰਨਾ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕਰ ਕੇ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨਣ ਲਈ ਮਜਬੂਰ ਕੀਤਾ ਜਾਵੇਗਾ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸੂਬਾ ਪ੍ਰਧਾਨ ਸੇਵਕ ਸਿੰਘ, ਸਰਪ੍ਰਸਤ ਵਰਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਿੰਦਰਪਾਲ ਸਿੰਘ ਅਤੇ ਪੈੱ੍ਰਸ ਸਕੱਤਰ ਅਮਰੀਕ ਸਿੰਘ ਮਹਿਰਾਜ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਮਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਹੋਈ ਮੀਟਿੰਗ ਬੇਸਿੱਟਾ ਰਹੀ। ਉਨ੍ਹਾਂ ਸਪਸ਼ਟ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਕੋਈ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਦਿਨਾਂ ’ਚ ਸੂਬਾ ਪੱਧਰ ’ਤੇ ਸੰਘਰਸ਼ ਨੂੰ ਹੋਰ ਵਿਆਪਕ ਅਤੇ ਤਿੱਖਾ ਕੀਤਾ ਜਾਵੇਗਾ।