ਸੰਗਰੂਰ,10 ਜੁਲਾਈ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਜਿਲਾ ਪ੍ਰਧਾਨ ਸਰਜੀਵਨ ਜਿੰਦਲ ਨੇ ਪੰਜਾਬ ਭਰ ਵਿੱਚ ਸੇਵਾ ਕੇਂਦਰਾਂ ਦੇ ‘ਕਨੈਕਟ ਪੰਜਾਬ’ ਪੋਰਟਲ ਦੇ ਵਾਰ-ਵਾਰ ਠੱਪ ਹੋਣ ਕਾਰਨ ਅਤੇ ਮੁਲਾਜ਼ਮਾਂ ਵੱਲੋਂ ਹੜਤਾਲ ਕਰ ਕੇ ਸੇਵਾ ਕੇਂਦਰ ਹੁਣ ਸਜ਼ਾ ਕੇਂਦਰ ਬਣ ਗਏ ਨੇ ਤੇ ਲੋਗ ਖੱਜਲ ਖਵਾਰ ਹੋ ਰਹੇ ਨੇ । ਉਨ੍ਹਾਂ ਕਿਹਾ ਕਿ ਡਿਜ਼ੀਟਲ ਗਵਰਨੈਂਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦੀ ਪੂਰੀ ਪ੍ਰਸ਼ਾਸਨਿਕ ਨਾਕਾਮੀ ਹੁਣ ਲੋਕਾਂ ਸਾਹਮਣੇ ਆ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸੇਵਾ ਕੇਂਦਰਾਂ ਵਿੱਚ ਲੋਕ ਸਵੇਰੇ ਤੋਂ ਹੀ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਲਈ ਮਜਬੂਰ ਹਨ, ਪਰ ਪੋਰਟਲ ਬੰਦ ਹੋਣ ਕਾਰਨ ਉਨ੍ਹਾਂ ਦੇ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਨਾਲ ਸਬੰਧਤ ਸੇਵਾਵਾਂ ਅਤੇ ਹੋਰ ਜ਼ਰੂਰੀ ਸਰਕਾਰੀ ਦਸਤਾਵੇਜ਼ਾਂ ਦਾ ਕੰਮ ਠੱਪ ਪਿਆ ਹੈ।ਤਪਦੀ ਗਰਮੀ ਵਿੱਚ ਬਜ਼ੁਰਗ, ਮਹਿਲਾਵਾਂ, ਵਿਦਿਆਰਥੀ, ਕਿਸਾਨ, ਮਜ਼ਦੂਰ ਅਤੇ ਰੋਜ਼ਾਨਾ ਦਿਹਾੜੀ ਕਰ ਕੇ ਆਪਣਾ ਪਰਿਵਾਰ ਚਲਾਉਣ ਵਾਲੇ ਲੋਕ ਘੰਟਿਆਂ ਸੇਵਾ ਕੇਂਦਰਾਂ ਦੇ ਬਾਹਰ ਖੜ੍ਹੇ ਰਹਿੰਦੇ ਹਨ, ਪਰ ਆਖ਼ਿਰ ਵਿੱਚ ਉਨ੍ਹਾਂ ਨੂੰ ਇਹ ਕਹਿ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ ਕਿ ਪੋਰਟਲ ਕੰਮ ਨਹੀਂ ਕਰ ਰਿਹਾ। ਇਸ ਮੌਕੇ ਪਾਰਟੀ ਦੇ ਜਿਲਾ ਜਨਰਲ ਸਕੱਤਰ ਪ੍ਰਦੀਪ ਗਰਗ ਅਤੇ ਮੰਡਲ ਪ੍ਰਧਾਨ ਰੋਮੀ ਗੋਇਲ ਨੇ ਕਿਹਾ ਕਿ ਇਹ ਸਿਰਫ਼ ਲੋਕਾਂ ਦੇ ਸਮੇਂ ਦੀ ਹੀ ਨਹੀਂ, ਸਗੋਂ ਉਨ੍ਹਾਂ ਦੇ ਪੈਸੇ ਦੀ ਵੀ ਬਰਬਾਦੀ ਹੈ। ਕਈ ਲੋਕ ਦੂਰ-ਦੁਰਾਡੇ ਇਲਾਕਿਆਂ ਤੋਂ ਕਿਰਾਇਆ ਖਰਚ ਕਰ ਕੇ ਸੇਵਾ ਕੇਂਦਰਾਂ ਤੱਕ ਪਹੁੰਚਦੇ ਹਨ, ਆਪਣੀ ਦਿਹਾੜੀ ਛੱਡ ਕੇ ਆਉਂਦੇ ਹਨ, ਪਰ ਸਰਕਾਰ ਦੀ ਲਾਪਰਵਾਹੀ ਕਾਰਨ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਜਾਣਾ ਪੈਂਦਾ ਹੈ। ਉਹਨਾਂ ਕਿਹਾ ਕਿ ਜੋ ਸਰਕਾਰ ਆਪਣੇ ਹੀ ਡਿਜ਼ੀਟਲ ਪੋਰਟਲ ਨੂੰ ਸੁਚਾਰੂ ਢੰਗ ਨਾਲ ਨਹੀਂ ਚਲਾ ਸਕਦੀ, ਉਹ ਚੰਗੇ ਪ੍ਰਸ਼ਾਸਨ ਅਤੇ ਪਾਰਦਰਸ਼ੀ ਗਵਰਨੈਂਸ ਦੇ ਦਾਅਵੇ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਰੱਖਦੀ। ਇਹ ਭਗਵੰਤ ਮਾਨ ਸਰਕਾਰ ਦੀ ਅਯੋਗਤਾ ਅਤੇ ਪ੍ਰਸ਼ਾਸਨਿਕ ਅਸਫਲਤਾ ਦਾ ਜਿਉਂਦਾ ਜਾਗਦਾ ਸਬੂਤ ਹੈ।ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ‘ਕਨੈਕਟ ਪੰਜਾਬ’ ਪੋਰਟਲ ਨੂੰ ਤੁਰੰਤ ਚਾਲੂ ਕੀਤਾ ਜਾਵੇ, ਤਕਨੀਕੀ ਖਾਮੀਆਂ ਨੂੰ ਫੌਰੀ ਤੌਰ ‘ਤੇ ਦੂਰ ਕੀਤਾ ਜਾਵੇ ਅਤੇ ਜਦੋਂ ਤੱਕ ਪੋਰਟਲ ਪੂਰੀ ਤਰ੍ਹਾਂ ਬਹਾਲ ਨਹੀਂ ਹੁੰਦਾ, ਉਦੋਂ ਤੱਕ ਜਨਤਾ ਨੂੰ ਰਾਹਤ ਦੇਣ ਲਈ ਆਫਲਾਈਨ ਵਿਵਸਥਾ ਕੀਤੀ ਜਾਵੇ ਤਾਂ ਜੋ ਲੋਕਾਂ ਦੇ ਜ਼ਰੂਰੀ ਕੰਮ ਪ੍ਰਭਾਵਿਤ ਨਾ ਹੋਣ।ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਦੁਹਰਾਈਆਂ ਜਾਣ। ਅੰਤ ਵਿੱਚ ਸਰਜੀਵਨ ਜਿੰਦਲ ਨੇ ਕਿਹਾ, “ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੀ ਨਾਕਾਮੀਆਂ ਦੀ ਸਜ਼ਾ ਭੁਗਤ ਰਹੇ ਨੇ । ਸਰਕਾਰੀ ਸੇਵਾਵਾਂ ਹਰ ਨਾਗਰਿਕ ਦਾ ਅਧਿਕਾਰ ਹਨ, ਸਰਕਾਰ ਦਾ ਅਹਿਸਾਨ ਨਹੀਂ। ਭਗਵੰਤ ਮਾਨ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ, ਨਾ ਕਿ ਲੋਕਾਂ ਨੂੰ ਖੱਜਲ-ਖੁਆਰ ਕਰਨਾ ਚਾਹੀਦਾ ਹੈ।” ਇਸ ਮੌਕੇ ਉਹਨਾਂ ਦੇ ਨਾਲ ਭਾਜਪਾ ਦੇ ਸੀਨੀਅਰ ਆਗੂ ਜੋਗੀ ਰਾਮ ,ਸੁਰਿੰਦਰ ਸ਼ਰਮਾ, ਨਰਿੰਦਰ ਗੁਪਤਾ ,ਸੰਜੀਵ ਕੁਮਾਰ ਲੱਕੀ, ਭਗਵੰਤ ਸਿੰਘ ਐਡਵੋਕੇਟ, ਰਾਜ ਕੁਮਾਰ ਚੌਧਰੀ ,ਵਿਸ਼ਾਲ ਗਰਗ ,ਆਵਾ ਸਿੰਘ, ਰਜਿੰਦਰ ਸਿੰਘ, ਸੁਰੇਸ਼ ਬੇਦੀ ,ਸਤਪਾਲ ਸਿੰਘ ਅਕੋਈ ,ਸਰਲਾ ਦੇਵੀ ਅਤੇ ਹਰਭਜਨ ਸਿੰਘ ਵੀ ਮੌਜੂਦ ਸਨ ।