ਸੰਗਰੂਰ, 16 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਸਰਕਾਰੀ ਮੁਹਿੰਮ ਨਹੀਂ, ਸਗੋਂ ਲੋਕ ਅੰਦੋਲਨ ਬਣਾਉਣ ਦੀ ਲੋੜ ਹੈ। ਇਸੇ ਮਕਸਦ ਨਾਲ ਬਲਾਕ ਸੰਮਤੀ ਦਫ਼ਤਰ ਸੰਗਰੂਰ ਵਿਖੇ ਬਲਾਕ ਸੰਮਤੀ ਚੇਅਰਪਰਸਨ ਸਰਦਾਰਨੀ ਕੁਲਵਿੰਦਰ ਕੌਰ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਬੰਧੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਡਾ. ਮਿੰਕੂ ਜਵੰਧਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਬਲਾਕ ਸੰਮਤੀ ਮੈਂਬਰਾਂ ਅਤੇ ਮੁਹਿੰਮ ਨਾਲ ਜੁੜੇ ਵਲੰਟੀਅਰਾਂ ਨੇ ਪਿੰਡ ਪੱਧਰ ‘ਤੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਬਾਰੇ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕੀਤੇ। ਡਾ. ਜਵੰਧਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਅਤੇ ਸਮਾਜਿਕ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਲੰਟੀਅਰ ਇਸ ਮੁਹਿੰਮ ਦੀ ਰੀੜ੍ਹ ਦੀ ਹੱਡੀ ਹਨ, ਜੋ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਉਦੇਸ਼ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣਾ ਹੈ। ਇਸ ਦੇ ਨਾਲ ਹੀ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦਾ ਮੁੜ ਵਸੇਬਾ ਕਰਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਵੀ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪ੍ਰਭਾਵਿਤ ਪਰਿਵਾਰਾਂ ਦੀ ਖੋਹੀ ਹੋਈ ਖੁਸ਼ਹਾਲੀ ਨੂੰ ਵਾਪਸ ਲਿਆਉਣ ਲਈ ਸਰਕਾਰ ਵੱਲੋਂ ਵੱਖ-ਵੱਖ ਪੱਧਰਾਂ ‘ਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਡਾ. ਜਵੰਧਾ ਨੇ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਪਾਰਟੀ ਦੇ ਵਲੰਟੀਅਰ ਪੂਰੀ ਵਚਨਬੱਧਤਾ ਨਾਲ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਕੰਮ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡ-ਪਿੰਡ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪਿੰਡ ਪੱਧਰ ’ਤੇ ਨਸ਼ਾ ਮੁਕਤੀ ਲਹਿਰ ਹੋਵੇਗੀ ਹੋਰ ਮਜ਼ਬੂਤ, ਵਲੰਟੀਅਰਾਂ ਦੀ ਭੂਮਿਕਾ ਅਹਿਮ - ਡਾ. ਮਿੰਕੂ ਜਵੰਧਾ
ਅਜੀਤ ਡੈਸਕ
17-07-2026