ਚੀਮਾ ਮੰਡੀ, 19 ਜੁਲਾਈ (ਗੁਰਜੀਤ ਸਿੰਘ ਚਹਿਲ) - ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਸ਼ਹੀਦ ਉਧਮ ਸਿੰਘ ਅਕੈਡਮੀ ਸਤੌਜ ਦੇ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਹਲਕਾ ਦਿੜ੍ਹਬਾ ਅਧੀਨ ਪੈਂਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਸਤੌਜ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਲੋਕ ਭਲਾਈ ਯੋਜਨਾਵਾਂ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ । ਮੁਲਾਕਾਤ ਦੌਰਾਨ ਵਿੱਤ ਮੰਤਰੀ ਚੀਮਾ ਨੇ ਪਿੰਡ ਸਤੌਜ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਵਿਕਾਸ ਲਈ ਲੋੜੀਂਦੇ ਹਰ ਸੰਭਵ ਕਦਮ ਚੁੱਕੇ ਜਾਣਗੇ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇਗੀ। ਇਸ ਮੌਕੇ ਸ਼ਹੀਦ ਉਧਮ ਸਿੰਘ ਅਕੈਡਮੀ ਸਤੌਜ ਦੇ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਪਿੰਡ ਅਤੇ ਇਲਾਕੇ ਨਾਲ ਸਬੰਧਤ ਕੁਝ ਅਹਿਮ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਲੋੜਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਿੱਖਿਆ, ਖੇਡਾਂ, ਨੌਜਵਾਨਾਂ ਦੀ ਤਰੱਕੀ ਅਤੇ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ - ਵਿੱਤ ਮੰਤਰੀ ਚੀਮਾ
ਅਜੀਤ ਡੈਸਕ
20-07-2026