ਧੂਰੀ, 24 ਜੁਲਾਈ (ਲਖਵੀਰ ਸਿੰਘ ਧਾਂਦਰਾ) - ਸੰਗਰੂਰ ਜਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਆਮ ਜਨਤਾ ਦੀਆਂ ਸਮੱਸਿਆਵਾਂ ਦੇ ਤੁਰੰਤ ਤੇ ਸੁਚੱਜੇ ਹੱਲ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਸਥਾਨਕ ਇੱਕ ਹੋਟਲ ਵਿਖੇ ਪਬਲਿਕ ਮੀਟਿੰਗ ਦੌਰਾਨ ਜਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ. ਰਵਜੋਤ ਗਰੇਵਾਲ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਗੀਆਂ ਅਤੇ ਮੌਕੇ ਤੇ ਨਿਪਟਾਰਾ ਕਰਕੇ ਲੋਕਾਂ ਨੂੰ ਇਨਸਾਫ਼ ਦੇਣ ਦੀ ਕੋਸ਼ਿਸ ਕੀਤੀ। ਇਸ ਜਨਤਕ ਸੁਣਵਾਈ ਦੌਰਾਨ ਐੱਸ.ਪੀ. (ਐੱਚ) ਦਵਿੰਦਰ ਅੱਤਰੀ, ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਅਤੇ ਐੱਸ.ਐੱਚ.ਓ. ਸਿਟੀ ਰਮਨਦੀਪ ਸਿੰਘ ਬਾਵਾ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਹਾਜਰ ਸਨ। ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਜਿਲ੍ਹਾ ਪੱਧਰ ‘ਤੇ ਇਹ ਮੁਹਿੰਮ ਪੂਰੀ ਸਰਗਰਮੀ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਆਮ ਜਨਤਾ ਵਿਚਕਾਰ ਆਪਸੀ ਵਿਸ਼ਵਾਸ ਨੂੰ ਮਜ਼ਬੂਤ ਕਰਨ ਲਈ ਅਜਿਹੀਆਂ ਪਬਲਿਕ ਮੀਟਿੰਗਾਂ ਦਾ ਸਿਲਸਿਲਾ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰੱਖਿਆ ਜਾਵੇਗਾ, ਤਾਂ ਜੋ ਨਾਗਰਿਕਾਂ ਨੂੰ ਆਪਣੀਆਂ ਮਸਲਿਆਂ ਲਈ ਇੱਧਰ-ਉੱਧਰ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਹੂਣ ਤੱਕ 2000 ਤੋਂ ਵੱਧ ਦਰਖਾਸਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਡਾ. ਗਰੇਵਾਲ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਹਰ ਵੇਲੇ ਜਨਤਾ ਦੀ ਸੇਵਾ ਅਤੇ ਸੁਰੱਖਿਆ ਲਈ ਹਾਜ਼ਰ ਹੈ। ਜੇਕਰ ਕਿਸੇ ਵੀ ਨਾਗਰਿਕ ਨੂੰ ਕੋਈ ਮੁਸ਼ਕਲ ਜਾਂ ਪਰੇਸ਼ਾਨੀ ਪੇਸ਼ ਆਉਂਦੀ ਹੈ, ਤਾਂ ਉਹ ਬਿਨਾਂ ਕਿਸੇ ਝਿਜਕ ਦੇ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ। ਇਸ ਦੇ ਨਾਲ ਹੀ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਪੁਲਿਸ ਨੇ ਸਪੱਸ਼ਟ ਕੀਤਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਜਾਂ ਗਲਤ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਕੋਈ ਲਿਹਾਜ਼ ਨਹੀਂ ਵਰਤਿਆ ਜਾਵੇਗਾ ਅਤੇ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।