ਪਿੰਡ ਦੇ ਵਿਕਾਸ ਲਈ ਦਿੱਤਾ 31 ਲੱਖ ਰੁਪਏ ਦਾ ਚੈੱਕ
ਸੰਗਰੂਰ, 26 ਜੁਲਾਈ (ਧੀਰਜ ਪਸੋਰੀਆ) - ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਸਾਰੋ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਲੋਕਾਂ ਨਾਲ ਗੱਲਬਾਤ ਕੀਤੀ।ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕਈ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ, ਜਦਕਿ ਬਾਕੀ ਮਾਮਲਿਆਂ ਦੇ ਜਲਦੀ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਲੋਕ ਮਿਲਣੀ’ ਪ੍ਰੋਗਰਾਮ ਦਾ ਮੁੱਖ ਮਕਸਦ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਸੰਵਾਦ ਕਾਇਮ ਕਰਨਾ ਅਤੇ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣ ਤੋਂ ਰਾਹਤ ਦੇਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ, ਬੁਨਿਆਦੀ ਢਾਂਚੇ, ਕਿਸਾਨ ਭਲਾਈ ਅਤੇ ਆਮ ਲੋਕਾਂ ਦੀ ਸਹੂਲਤ ਲਈ ਕਈ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦਾ ਲਾਭ ਸੂਬੇ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਇਲਾਕੇ ਦੇ ਵਿਕਾਸ ਲਈ ਆਪਣੇ ਸੁਝਾਅ ਵੀ ਸਾਂਝੇ ਕਰਨ। ਪਿੰਡ ਦੇ ਵਿਕਾਸ ਲਈ 31 ਲੱਖ ਰੁਪਏ ਗ੍ਰਾਂਟ ਦਾ ਚੈੱਕ ਦੇਣ ਤੋਂ ਬਾਅਦ ਵਿਧਾਇਕਾ ਭਰਾਜ ਨੇ ਕਿਹਾ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਪਿੰਡ ਪੁੱਜਣ ਉੱਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਸਵਾਗਤ ਕਰਦਿਆਂ ਬਲਾਕ ਸੰਮਤੀ ਮੈਂਬਰ ਕਰਮਜੀਤ ਕੌਰ, ਜਗਸੀਰ ਜੱਗੂ ਅਤੇ ਹਰਿੰਦਰ ਸਾਰੋਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਲਈ ਧੰਨਵਾਦ ਕੀਤਾ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਸਾਰੋਂ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਅਜੀਤ ਡੈਸਕ
27-07-2026