ਖਨੌਰੀ, 25 ਜੁਲਾਈ (ਬਲਵਿੰਦਰ ਸਿੰਘ ਥਿੰਦ) - ਨਗਰ ਪੰਚਾਇਤ ਖਨੌਰੀ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਕੰਮ ਛੱਡ ਹੜਤਾਲ ਐਤਵਾਰ ਨੂੰ 19ਵੇਂ ਦਿਨ ਵੀ ਲਗਾਤਾਰ ਜਾਰੀ ਰਹੀ। ਇਸ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਨਗਰ ਪੰਚਾਇਤ ਦਫ਼ਤਰ ਦੇ ਮੁੱਖ ਗੇਟ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਸਰਕਾਰ ਜਲਦੀ ਤੋਂ ਜਲਦੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰੇ। ਧਰਨੇ ਨੂੰ ਸੰਬੋਧਨ ਕਰਦਿਆਂ ਸਫ਼ਾਈ ਕਰਮਚਾਰੀ ਯੂਨੀਅਨ ਖਨੌਰੀ ਦੇ ਪ੍ਰਧਾਨ ਰੋਬਿਨ ਕੁਮਾਰ ਨੇ ਬਰਨਾਲਾ ਵਿੱਚ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ, ਖ਼ਾਸ ਕਰਕੇ ਮਹਿਲਾਵਾਂ, ‘ਤੇ ਹੋਏ ਕਥਿਤ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਬੀਬੀਆਂ, ਭੈਣਾਂ ਅਤੇ ਹੋਰ ਸਫ਼ਾਈ ਕਰਮਚਾਰੀਆਂ ਨਾਲ ਕੀਤਾ ਗਿਆ ਵਿਵਹਾਰ ਬੇਹੱਦ ਨਿੰਦਣਯੋਗ ਹੈ ਅਤੇ ਇਸ ਤਰ੍ਹਾਂ ਦੀ ਕਾਰਵਾਈ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਰੋਬਿਨ ਕੁਮਾਰ ਨੇ ਕਿਹਾ ਕਿ ਯੂਨੀਅਨ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ, ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਠੇਕੇਦਾਰੀ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਨਹੀਂ ਕੀਤਾ ਜਾਂਦਾ, ਕੰਟਰੈਕਟ ਆਧਾਰਿਤ ਕਰਮਚਾਰੀਆਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ ਅਤੇ ਹੋਰ ਲੰਬਿਤ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਹੜਤਾਲ ਕਾਰਨ ਸ਼ਹਿਰ ਵਿੱਚ ਸਫ਼ਾਈ ਪ੍ਰਬੰਧ ਅਤੇ ਘਰ-ਘਰ ਤੋਂ ਕੂੜਾ ਇਕੱਠਾ ਕਰਨ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਪਰ ਇਸ ਲਈ ਸਰਕਾਰ ਦੀ ਬੇਰੁਖ਼ੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀ ਆਪਣੀਆਂ ਮੰਗਾਂ ਦੇ ਹੱਕ ਵਿੱਚ ਪੂਰੀ ਏਕਤਾ ਨਾਲ ਡਟੇ ਹੋਏ ਹਨ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਵੀ ਤਿਆਰ ਹਨ। ਬਰਨਾਲਾ ਦੀ ਘਟਨਾ ਦਾ ਜ਼ਿਕਰ ਕਰਦਿਆਂ ਰੋਬਿਨ ਕੁਮਾਰ ਨੇ ਦੋਸ਼ ਲਗਾਇਆ ਕਿ ਪ੍ਰਦਰਸ਼ਨ ਦੌਰਾਨ ਮਹਿਲਾਵਾਂ ਅਤੇ ਬਜ਼ੁਰਗ ਸਫ਼ਾਈ ਕਰਮਚਾਰੀਆਂ ਨਾਲ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ, ਜਿਸ ਨਾਲ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸਮੁੱਚੇ ਸਫ਼ਾਈ ਕਰਮਚਾਰੀਆਂ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਯੂਨੀਅਨ ਦੇ ਸੂਬਾਈ ਆਗੂਆਂ ਅਤੇ ਚੇਅਰਮੈਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ, ਜਿਸ ਦੇ ਨਤੀਜੇ ਵਜੋਂ ਸੰਬੰਧਿਤ ਅਧਿਕਾਰੀ ਖ਼ਿਲਾਫ਼ ਕਾਰਵਾਈ ਹੋਈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਲੜਾਈ ਆਪਣੇ ਹੱਕਾਂ ਅਤੇ ਸਨਮਾਨ ਲਈ ਹੈ ਅਤੇ ਇਹ ਸੰਘਰਸ਼ ਮੰਗਾਂ ਦੀ ਪੂਰਤੀ ਤੱਕ ਨਿਰੰਤਰ ਜਾਰੀ ਰਹੇਗਾ।