ਮਾਲੇਰਕੋਟਲਾ, 26 ਜੁਲਾਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਨਤਕ ਵੰਡ ਪ੍ਰਣਾਲੀ ਨੂੰ ਹੋਰ ਮਜ਼ਬੂਤ, ਪਾਰਦਰਸ਼ੀ ਤੇ ਲੋਕ-ਪੱਖੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਬੀਤੇ ਦਿਨੀਂ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿੱਚ 11 ਨਵੇਂ ਰਾਸ਼ਨ ਡਿਪੂ ਅਲਾਟ ਕੀਤੇ ਗਏ । ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਨਵੇਂ ਚੁਣੇ ਗਏ ਡਿਪੂ ਧਾਰਕਾਂ ਨੂੰ ਅਲਾਟਮੈਂਟ ਲੈਟਰ ਤਕਸੀਮ ਕੀਤੇ । ਗੱਲਬਾਤ ਕਰਦਿਆਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਯੋਗ ਪਰਿਵਾਰ ਤੱਕ ਜ਼ਰੂਰੀ ਖੁਰਾਕੀ ਵਸਤਾਂ ਦੀ ਸੁਖਾਲੀ ਤੇ ਨਿਰਵਿਘਨ ਪਹੁੰਚ ਯਕੀਨੀ ਬਣਾਉਣ ਲਈ ਲਗਾਤਾਰ ਅਹਿਮ ਕਦਮ ਚੁੱਕੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਨਵੇਂ ਰਾਸ਼ਨ ਡਿਪੂ ਅਲਾਟ ਹੋਣ ਨਾਲ ਲੋਕਾਂ ਨੂੰ ਆਪਣੇ ਨੇੜੇ ਹੀ ਜ਼ਰੂਰੀ ਖੁਰਾਕੀ ਵਸਤਾਂ ਪ੍ਰਾਪਤ ਕਰਨ ਦੀ ਸਹੂਲਤ ਮਿਲੇਗੀ ਤੇ ਜਨਤਕ ਵੰਡ ਪ੍ਰਣਾਲੀ ਦੀ ਪਹੁੰਚ ਹੋਰ ਵਿਸ਼ਾਲ ਹੋਵੇਗੀ । ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੋਗ ਪਰਿਵਾਰਾਂ ਨੂੰ ਰਾਸ਼ਨ ਕਾਰਡ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਯੋਗ ਮੈਂਬਰ ਸ਼ਾਮਲ ਕਰਨ ਲਈ 11 ਅਗਸਤ 2026 ਤੱਕ ਅਰਜ਼ੀਆਂ ਸਵੀਕਾਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮੇਂ ਅੰਦਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਕੇ ਸਰਕਾਰੀ ਯੋਜਨਾ ਦਾ ਲਾਭ ਪ੍ਰਾਪਤ ਕਰਨ । ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਪੂਰਨ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਆਨਲਾਈਨ ਵੈਰੀਫਿਕੇਸ਼ਨ ਪ੍ਰਣਾਲੀ ਅਪਣਾਈ ਜਾ ਰਹੀ ਹੈ । ਇਸ ਨਾਲ ਫਰਜ਼ੀ ਰਾਸ਼ਨ ਕਾਰਡਾਂ ਨੂੰ ਰੋਕਣ ਦੇ ਨਾਲ-ਨਾਲ ਅਸਲ ਅਤੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਹੱਕ ਮਿਲਣਾ ਯਕੀਨੀ ਬਣਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਦੀ ਘਾਟ ਰਹੀ ਤੇ ਕਈ ਵਾਰ ਸਿਰਫ਼ ਆਪਣੇ ਚਹੇਤਿਆਂ ਨੂੰ ਹੀ ਲਾਭ ਦਿੱਤਾ ਗਿਆ । ਇਸ ਦੇ ਉਲਟ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਹਰ ਯੋਗ ਵਿਅਕਤੀ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਵਿਧਾਇਕ ਮਾਲੇਰਕੋਟਲਾ ਨੇ ਇਸ ਲੋਕ-ਪੱਖੀ ਪਹਿਲਕਦਮੀ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਤੇ ਯੋਗ ਲਾਭਪਾਤਰੀਆਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ । ਸਰਕਾਰ ਦੇ ਅਜਿਹੇ ਫੈਸਲੇ ਆਮ ਲੋਕਾਂ ਦੀ ਭਲਾਈ ਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਰਾਹਤ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਜਾਫਰ ਅਲੀ, ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼, ਇੰਸਪੈਕਟਰ ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਇੰਸਪੈਕਟਰ ਰਸਪਿੰਦਰ ਸਿੰਘ ਵੀ ਹਾਜ਼ਰ ਸਨ ।