08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਜ਼ਿਲ੍ਹਾ ਸੰਗਰੂਰ ਦੇ 54 ਦੇ ਕਰੀਬ ਆਮ ਆਦਮੀ ਕਲੀਨਿਕ ਅਣਮਿਥੇ ਸਮੇਂ ਹੋਏ ਬੰਦ

Ad Position 21
No active advertisement
ਅਜੀਤ ਡੈਸਕ 28-07-2026
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਕਲੀਨਿਕ ਸਾਂਝੇ ਫਰੰਟ ਪੰਜਾਬ ਵੱਲੋਂ ਦਿਤੇ ਸੱਦੇ ’ਤੇ ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਨਿਭਾ ਰਹੇ ਡਾਕਟਰ, ਫਾਰਮਾਸਿਸਟ ਅਤੇ ਕਲੀਨੀਕਲ ਅਸਿਸਟੈਂਟਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਲਈ ਓਪੀਡੀ ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰ ਦੱਤੀਆਂ ਹਨ। ਜ਼ਿਲ੍ਹਾ ਸੰਗਰੂਰ ਦੇ 54 ਮਹੱਲਾ ਕਲੀਨਿਕਾਂ ਦੀਆਂ ਸਿਹਤ ਸੇਵਾਵਾਂ ਬੰਦ ਹੋਣ ਨਾਲ ਅੱਜ ਕਰੀਬ 4 ਹਜਾਰ ਮਰੀਜ਼ ਇਲਾਜ ਤੋਂ ਵਾਂਝੇ ਰਹਿ ਗਏ। ਸਿਵਲ ਸਰਜਨ ਦਫਤਰ ਸੰਗਰੂਰ ਮੂਹਰੇ ਕੀਤੇ ਪ੍ਰਦਰਸ਼ਨ ਦੌਰਾਨ ਸਾਂਝੇ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਡਾ ਇੰਦਰਜੀਤ ਸਿੰਗਲਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਅਤੇ ਸਿਹਤ ਵਿਭਾਗ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਵਾਰ-ਵਾਰ ਭਰੋਸੇ ਦਿੱਤੇ ਗਏ, ਪਰ ਕੋਈ ਅਜਿਹਾ ਠੋਸ ਫ਼ੈਸਲਾ ਨਹੀਂ ਲਿਆ ਗਿਆ ਜਿਸ ਦੇ ਆਧਾਰ ‘ਤੇ ਨੋਟੀਫਿਕੇਸ਼ਨ ਜਾਰੀ ਕਰ ਕੇ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਕੀਤਾ ਜਾ ਸਕੇ। ਇਸ ਕਾਰਨ ਮਜ਼ਬੂਰਨ ਇਹ ਸੰਘਰਸ਼ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਆਗੂਆਂ ਨੇ ਦੱਸਿਆ ਕਿ 23 ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਅਤੇ ਡਾਇਰੈਕਟਰ ਹੈਲਥ ਸਰਵਿਸਿਜ਼, ਪੰਜਾਬ ਨੂੰ ਵੀ ਇਸ ਸਬੰਧੀ ਮੰਗ-ਪੱਤਰ ਸੌਂਪੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਨੂੰ ਵੀ ਕਈ ਵਾਰ ਮੰਗ-ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਹਰ ਵਾਰ ਸਿਰਫ਼ ਭਰੋਸੇ ਅਤੇ ਲਾਰੇ ਹੀ ਮਿਲੇ ਹਨ। ਅੱਜ ਤੱਕ ਕਿਸੇ ਵੀ ਮੰਗ ਦਾ ਨੋਟੀਫਿਕੇਸ਼ਨ ਰਾਹੀਂ ਹੱਲ ਨਹੀਂ ਕੀਤਾ ਗਿਆ। ਸਾਂਝੇ ਫਰੰਟ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਡਾਕਟਰ, ਫਾਰਮਾਸਿਸਟ ਅਤੇ ਕਲੀਨੀਕਲ ਅਸਿਸਟੈਂਟ ਸੂਬੇ ਦੇ ਲੱਖਾਂ ਲੋਕਾਂ ਨੂੰ ਨਿਰੰਤਰ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਪਰ ਉਨ੍ਹਾਂ ਦੀ ਨੌਕਰੀ ਦੀ ਸੁਰੱਖਿਆ, ਸਨਮਾਨਜਨਕ ਸੇਵਾ ਸ਼ਰਤਾਂ ਅਤੇ ਹੋਰ ਜਾਇਜ਼ ਮੰਗਾਂ ਅਜੇ ਵੀ ਅਣਸੁਲਝੀਆਂ ਹਨ। ਸਾਂਝੇ ਫਰੰਟ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤੁਰੰਤ ਗੱਲਬਾਤ ਕਰਕੇ ਨੋਟੀਫਿਕੇਸ਼ਨ ਜਾਰੀ ਕਰਕੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ। ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਨੋਟੀਫਿਕੇਸ਼ਨ ਰਾਹੀਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ। ਬੁਲਾਰਿਆ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਇਸ ਸੰਘਰਸ਼ ਦੌਰਾਨ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਜਾਂ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਅਤੇ ਸਿਹਤ ਵਿਭਾਗ ਦੀ ਹੋਵੇਗੀ, ਕਿਉਂਕਿ ਕਰਮਚਾਰੀਆਂ ਵੱਲੋਂ ਵਾਰ-ਵਾਰ ਮੰਗ-ਪੱਤਰ ਦੇ ਕੇ ਸ਼ਾਂਤਮਈ ਢੰਗ ਨਾਲ ਹੱਲ ਦੀ ਮੰਗ ਕੀਤੀ ਗਈ, ਪਰ ਸਰਕਾਰ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀ ਨੇ ਕੀਤੀ ਜੇਤੂ ਰੈਲੀ ਅਗਲੀ ਖ਼ਬਰ ਲਾਇਨਜ਼ ਕਲੱਬ ਵਲੋਂ ਖੂਨਦਾਨ ਕੈਂਪ 31 ਨੂੰ
Ad Position 24