ਸੰਗਰੂਰ, 29 ਜੁਲਾਈ ( ਦਮਨਜੀਤ ਸਿੰਘ )-ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਸਮੇਤ ਉਹਨਾਂ ਦੇ ਸਾਥੀਆਂ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਲਈ ਸੰਗਰੂਰ ਦੇ ਗੁਰਦੁਆਰਾ ਸ੍ਰੀ ਅਕਾਲਸਰ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਨੌਜਵਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ ਹੋਇਆ। ਕਾਫ਼ਲੇ ਵਿੱਚ ਸ਼ਾਮਲ ਲੋਕਾਂ ਨੇ ਰਿਹਾਈ ਦੀ ਮੰਗ ਕਰਦਿਆਂ ਸ਼ਾਂਤਮਈ ਢੰਗ ਨਾਲ ਆਪਣੇ ਲੋਕਤੰਤਰੀ ਹੱਕ ਦੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਕਾਹਨਗੜ੍ਹ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ, ਉਹਨਾਂ ਦੇ ਸਾਥੀਆਂ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕਾਂ ਵਿੱਚ ਵੱਡੀ ਚਿੰਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਇਸ ਮਾਮਲੇ ਦਾ ਜਲਦ ਹੱਲ ਕੱਢਣਾ ਚਾਹੀਦਾ ਹੈ। ਵਿਧਾਨ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਸਰਗਰਮ ਆਗੂ ਚਮਨਦੀਪ ਸਿੰਘ ਮਿਲਖੀ ਨੇ ਕਿਹਾ ਕਿ ਹਲਕਾ ਸੰਗਰੂਰ ਦੀ ਸੰਗਤ, ਖ਼ਾਸ ਕਰ ਕੇ ਨੌਜਵਾਨਾਂ ਵਿੱਚ ਚੰਡੀਗੜ੍ਹ ਕੂਚ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ, ਅਨੁਸ਼ਾਸਨ ਅਤੇ ਏਕਤਾ ਨਾਲ ਇਸ ਅੰਦੋਲਨ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੋਕੇ ਜਿਲ੍ਹਾ ਯੂਥ ਵਿੰਗ ਪ੍ਰਧਾਨ ਗੁਰਕੀਰਤ ਸਿੰਘ ਲਖਮੀਰਵਾਲਾ, ਗੁਰਸੇਵਕ ਸਿੰਘ ਸੇਬੀ ਕਾਂਝਲਾ, ਹਰਮਨਜੀਤ ਸਿੰਘ ਡਿੱਕੀ ਜੈਜੀ, ਕੁਲਦੀਪ ਸਿੰਘ ਹਲਕਾ ਇੰਚਾਰਜ ਫਲੱਡ ਕਮੇਟੀ ਲਹਿਰਾ ਅਤੇ ਪ੍ਰੋ. ਗੁਰਿੰਦਰ ਸਿੰਘ ਮਾਨ ਆਦਿ ਮੌਜੂਦ ਸਨ।
ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਲਈ ਸੰਗਰੂਰ ਤੋਂ ਵੱਡਾ ਕਾਫ਼ਲਾ ਰਵਾਨਾ
ਅਜੀਤ ਡੈਸਕ
30-07-2026