ਸੁਨਾਮ ਊਧਮ ਸਿੰਘ ਵਾਲਾ, 30 ਜੁਲਾਈ (ਰੁਪਿੰਦਰ ਸਿੰਘ ਸੱਗੂ) - ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 31 ਜੁਲਾਈ ਨੂੰ ਦਾਣਾ ਮੰਡੀ, ਸੁਨਾਮ ਊਧਮ ਸਿੰਘ ਵਾਲਾ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਹੁਣ ਅੰਤਿਮ ਪੜਾਅ ਵਿੱਚ ਪਹੁੰਚ ਚੁੱਕੀਆਂ ਹਨ। ਸਮਾਗਮ ਨੂੰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਯਾਦਗਾਰੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਵਿਸ਼ੇਸ਼ ਤੌਰ ’ਤੇ ਸਮਾਗਮ ਵਾਲੀ ਜਗ੍ਹਾ ਤੇ ਹਾਜ਼ਰ ਰਹੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ‘ਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਉਣਾ ਸਮੁੱਚੇ ਪੰਜਾਬ ਅਤੇ ਖਾਸ ਕਰ ਕੇ ਸੁਨਾਮ ਵਾਸੀਆਂ ਲਈ ਬੇਹੱਦ ਮਾਣ ਅਤੇ ਫ਼ਖ਼ਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦਾ ਬਦਲਾ ਲੈ ਕੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਵੱਡਾ ਯੋਗਦਾਨ ਪਾਇਆ ਅਤੇ ਉਨ੍ਹਾਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਸਦਾ ਪ੍ਰੇਰਣਾ ਦਾ ਸਰੋਤ ਰਹੇਗੀ। ਉਨ੍ਹਾਂ ਦੱਸਿਆ ਕਿ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਕੈਬਨਿਟ ਮੰਤਰੀ, ਵਿਧਾਇਕ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰ, ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸਮਾਗਮ ਵਿੱਚ ਹਾਜ਼ਰੀ ਭਰੇਗੀ।ਇਸ ਮੌਕੇ ਕੈਬਨਿਟ ਮੰਤਰੀ ਨੇ ਸਮੂਹ ਇਲਾਕਾ ਨਿਵਾਸੀਆਂ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 31 ਜੁਲਾਈ ਨੂੰ ਸਵੇਰੇ 11 ਵਜੇ ਦਾਣਾ ਮੰਡੀ, ਸੁਨਾਮ ਊਧਮ ਸਿੰਘ ਵਾਲਾ ਵਿਖੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਮਹਾਨ ਸ਼ਹੀਦ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਨ ਅਤੇ ਉਨ੍ਹਾਂ ਦੇ ਮਹਾਨ ਜੀਵਨ ਤੋਂ ਪ੍ਰੇਰਣਾ ਲੈਣ ।