ਖਨੌਰੀ, 31 ਅਗਸਤ (ਬਲਵਿੰਦਰ ਸਿੰਘ ਥਿੰਦ) - ਤਿੰਨ ਸਾਲ ਦੀ ਸੇਵਾ ਪੂਰੀ ਕਰਨ ਦੇ ਬਾਵਜੂਦ ਘਰ ਦੇ ਨੇੜੇ ਤਬਾਦਲੇ ਨਾ ਕੀਤੇ ਜਾਣ ਕਾਰਨ ਅਧਿਆਪਕਾਂ ਵਿੱਚ ਨਾਰਾਜ਼ਗੀ ਅਤੇ ਰੋਸ ਲਗਾਤਾਰ ਵਧ ਰਿਹਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਧਿਆਪਕ ਆਗੂ ਕਮਲੇਸ਼ ਗੋਇਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਦੌਰਾਨ ਅਤੇ ਸਰਕਾਰ ਬਣਨ ਤੋਂ ਬਾਅਦ ਇਹ ਭਰੋਸਾ ਦਿੱਤਾ ਸੀ ਕਿ ਜਿਨ੍ਹਾਂ ਅਧਿਆਪਕਾਂ ਨੇ ਤਿੰਨ ਸਾਲ ਦੀ ਸੇਵਾ ਪੂਰੀ ਕਰ ਲਈ ਹੋਵੇਗੀ ਅਤੇ ਜੋ ਆਪਣੇ ਘਰਾਂ ਤੋਂ ਕਾਫ਼ੀ ਦੂਰ ਤਾਇਨਾਤ ਹਨ, ਉਨ੍ਹਾਂ ਨੂੰ ਘਰ ਤੋਂ ਲਗਭਗ 40 ਕਿਲੋਮੀਟਰ ਦੇ ਘੇਰੇ ਵਿੱਚ ਤਬਾਦਲੇ ਦੀ ਸਹੂਲਤ ਦਿੱਤੀ ਜਾਵੇਗੀ। ਪਰ ਅਜੇ ਤੱਕ ਇਸ ਵਾਅਦੇ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ। ਉਨ੍ਹਾਂ ਕਿਹਾ ਕਿ ਸੂਬੇ ਦੇ ਹਜ਼ਾਰਾਂ ਅਧਿਆਪਕ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਕੇ ਸੇਵਾਵਾਂ ਨਿਭਾ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ, ਸਮਾਜਿਕ ਅਤੇ ਪਰਿਵਾਰਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੰਬੇ ਸਫ਼ਰ ਅਤੇ ਵਧਦੇ ਖ਼ਰਚਿਆਂ ਕਾਰਨ ਅਧਿਆਪਕਾਂ ਵਿੱਚ ਨਿਰਾਸ਼ਾ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਕੀਤੇ ਵਾਅਦੇ ਨੂੰ ਜਲਦ ਤੋਂ ਜਲਦ ਲਾਗੂ ਕਰਨਾ ਚਾਹੀਦਾ ਹੈ ਤਾਂ ਜੋ ਅਧਿਆਪਕਾਂ ਨੂੰ ਰਾਹਤ ਮਿਲ ਸਕੇ। ਕਮਲੇਸ਼ ਗੋਇਲ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਇਸ ਸਮੱਸਿਆ ਦਾ ਵਿਹਾਰਕ ਹੱਲ ਕੱਢ ਸਕਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਜੋ ਅਧਿਆਪਕ ਆਪਣੀ ਮਰਜ਼ੀ ਨਾਲ ਘਰ ਤੋਂ 100 ਕਿਲੋਮੀਟਰ ਜਾਂ ਇਸ ਤੋਂ ਵੱਧ ਦੂਰ ਸੇਵਾ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਵਿਸ਼ੇਸ਼ ਭੱਤੇ ਵਜੋਂ ਹਰ ਮਹੀਨੇ 10 ਹਜ਼ਾਰ ਰੁਪਏ ਵਾਧੂ ਦਿੱਤੇ ਜਾਣ। ਇਸ ਦੇ ਉਲਟ, ਜਿਹੜੇ ਅਧਿਆਪਕ ਆਪਣੇ ਘਰ ਦੇ ਨੇੜੇ ਤਾਇਨਾਤੀ ਚਾਹੁੰਦੇ ਹਨ, ਉਨ੍ਹਾਂ ਲਈ ਵੱਖਰੀ ਨੀਤੀ ਬਣਾਈ ਜਾਵੇ। ਉਨ੍ਹਾਂ ਦਾ ਮੰਨਣਾ ਹੈ ਕਿ ਅਜਿਹੀ ਪ੍ਰਣਾਲੀ ਨਾਲ ਦੂਰ ਸੇਵਾ ਕਰਨ ਵਾਲੇ ਅਤੇ ਘਰ ਦੇ ਨੇੜੇ ਰਹਿਣ ਦੀ ਮਜਬੂਰੀ ਵਾਲੇ ਦੋਵੇਂ ਵਰਗਾਂ ਨੂੰ ਸੰਤੁਸ਼ਟੀ ਮਿਲ ਸਕਦੀ ਹੈ ਅਤੇ ਤਬਾਦਲਾ ਨੀਤੀ ਹੋਰ ਪ੍ਰਭਾਵਸ਼ਾਲੀ ਬਣੇਗੀ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਅਧਿਆਪਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਤਬਾਦਲਾ ਨੀਤੀ ਵਿੱਚ ਲੋੜੀਂਦੇ ਸੁਧਾਰ ਕੀਤੇ ਜਾਣ ਅਤੇ ਤਿੰਨ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਅਧਿਆਪਕਾਂ ਨੂੰ ਤਰਜੀਹ ਦੇ ਆਧਾਰ ‘ਤੇ ਘਰ ਦੇ ਨੇੜੇ ਤਾਇਨਾਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਸ ਮਸਲੇ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਅਧਿਆਪਕ ਵਰਗ ਵਿੱਚ ਨਾਰਾਜ਼ਗੀ ਹੋਰ ਵਧੇਗੀ, ਜਿਸ ਦਾ ਅਸਰ ਆਉਣ ਵਾਲੇ ਸਮੇਂ ਵਿੱਚ ਰਾਜਨੀਤਿਕ ਪੱਧਰ ‘ਤੇ ਵੀ ਦੇਖਣ ਨੂੰ ਮਿਲ ਸਕਦਾ ਹੈ।